ਹਰਜੀਤ ਸਿੰਘ ਪਰਮਾਰ
ਬਟਾਲਾ, 10 ਜੁਲਾਈ
ਸਥਾਨਕ ਜਲੰਧਰ-ਅੰਮ੍ਰਿਤਸਰ ਬਾਈਪਾਸ ’ਤੇ ਦੇਰ ਰਾਤ ਵਾਪਰੇ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਪੀਏ ਅਤੇ ਇੱਕ ਚਚੇਰਾ ਭਰਾ ਵੀ ਸ਼ਾਮਲ ਹਨ। ਹਾਦਸੇ ਵਿੱਚ ਵਿਧਾਇਕ ਦਾ ਭਰਾ ਵੀ ਜ਼ਖਮੀ ਹੋਇਆ ਹੈ। ਮ੍ਰਿਤਕਾਂ ਦੀ ਸ਼ਨਾਖ਼ਤ ਉਪਦੇਸ਼ ਕੁਮਾਰ (ਪੀਏ) ਪੁੱਤਰ ਅਸ਼ੋਕ ਕੁਮਾਰ ਵਾਸੀ ਡੌਲਾ ਨੰਗਲ, ਗੁਰਲੀਨ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਦਿੱਲੀ ਅਤੇ ਸੁਨੀਲ ਕੁਮਾਰ ਸੋਢੀ ਵਾਸੀ ਡੌਲਾ ਨੰਗਲ ਵਜੋਂ ਹੋਈ ਹੈ ਜਦਕਿ ਵਿਧਾਇਕ ਦਾ ਭਰਾ ਅੰਮ੍ਰਿਤਪਾਲ ਸਿੰਘ ਕਲਸੀ ਅਤੇ ਮਾਣਿਕ ਮਹਿਤਾ ਵਾਸੀ ਰਾਧਾ ਕ੍ਰਿਸ਼ਨ ਕਾਲੋਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਮ੍ਰਿਤਕਾਂ ਦੀ ਉਮਰ 25-30 ਸਾਲ ਦੱਸੀ ਜਾ ਰਹੀ ਹੈ। ਹਾਦਸੇ ਦਾ ਕਾਰਨ ਕਾਰ ਦਾ ਅਗਲਾ ਟਾਇਰ ਫਟਣ ਤੋਂ ਬਾਅਦ ਕਾਰ ਦਾ ਪੁਲ ਦੀ ਰੇਲਿੰਗ ਨਾਲ ਟਕਰਾਉਣਾ ਦੱਸਿਆ ਜਾ ਰਿਹਾ ਹੈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਡੀਐੱਸਪੀ ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਆਈ-20 ਕਾਰ ਵਿੱਚ ਸਵਾਰ ਇਹ ਸਾਰੇ ਨੌਜਵਾਨ ਦੇਰ ਰਾਤ ਕਿਸੇ ਪਾਰਟੀ ਤੋਂ ਵਾਪਸ ਆ ਰਹੇ ਸਨ। ਜਦੋਂ ਉਹ ਜਲੰਧਰ-ਅੰਮ੍ਰਿਤਸਰ ਬਾਈਪਾਸ ’ਤੇ ਬਣੇ ਡਰੇਨ ਦੇ ਪੁਲ ਨੇੜੇ ਪਹੁੰਚੇ ਤਾਂ ਅਚਾਨਕ ਅਗਲਾ ਟਾਇਰ ਫਟਣ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਪੁਲ ਦੀ ਰੇਲਿੰਗ ਨਾਲ ਜਾ ਟਕਰਾਈ ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।