ਸੰਜੀਵ ਹਾਂਡਾ
ਫ਼ਿਰੋਜ਼ਪੁਰ, 19 ਫ਼ਰਵਰੀ
ਕਾਂਗਰਸ ਹਾਈਕਮਾਨ ਨੇ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਕਾਂਗਰਸ ਦੀ ਮੌਜੂਦਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਇਹ ਹੁਕਮ ਸ਼ਨਿੱਚਰਵਾਰ ਨੂੰ ਜਾਰੀ ਕੀਤਾ। ਕਾਂਗਰਸ ਹਾਈਕਮਾਨ ਨੇ ਐਤਕੀਂ ਸਤਿਕਾਰ ਕੌਰ ਗਹਿਰੀ ਦੀ ਟਿਕਟ ਕੱਟ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬੰਗੜ ਨੂੰ ਦੇ ਦਿੱਤੀ ਸੀ, ਜਿਸ ਮਗਰੋਂ ਸਤਿਕਾਰ ਕੌਰ ਗਹਿਰੀ ਤੇ ਉਸ ਦਾ ਪਤੀ ਲਾਡੀ ਗਹਿਰੀ ਕਾਫ਼ੀ ਨਾਰਾਜ਼ ਸਨ। ਦੋਸ਼ ਹੈ ਕਿ ਦੋਵੇਂ ਪਤੀ-ਪਤਨੀ ਹੁਣ ਆਸ਼ੂ ਬੰਗੜ ਖ਼ਿਲਾਫ਼ ਪ੍ਰਚਾਰ ਕਰ ਰਹੇ ਸਨ ਤੇ ਉਸ ਨੂੰ ਹਰਾਉਣ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਸਨ। ਇਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪਾਰਟੀ ਨੇ ਅੱਜ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਚੋਂ ਬਾਹਰ ਦਾ ਰਾਹ ਵਿਖਾ ਦਿੱਤਾ।