ਦਵਿੰਦਰ ਪਾਲ
ਚੰਡੀਗੜ੍ਹ, 9 ਅਗਸਤ
ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨ ਜਥੇਬੰਦੀਆਂ ਨੇ ਭਾਰਤ ਛੱਡੋ ਅੰਦੋਲਨ ਦੀ ਤਰਜ਼ ’ਤੇ ‘ਮੋਦੀ ਕਾਰਪੋਰੇਟਾਂ ਦਾ ਮੋਹ ਛੱਡੇ’ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ। ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਨਾਲ ਸਬੰਧਤ ਨੇਤਾਵਾਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ, ਟੌਲ ਪਲਾਜ਼ਿਆਂ, ਅੰਬਾਨੀ ਅਤੇ ਅਡਾਨੀ ਦੇ ਟਿਕਾਣਿਆਂ, ਪੈਟਰੋਲ ਪੰਪਾਂ ਤੇ ਸਵਾ ਸੌ ਤੋਂ ਵੱਧ ਥਾਵਾਂ ’ਤੇ ਚੱਲ ਰਹੇ ਧਰਨਿਆਂ ਦੌਰਾਨ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਜਿਸ ਤਰ੍ਹਾਂ ਈਸਟ ਇੰਡੀਆ ਕੰਪਨੀ ਨੂੰ ਵਪਾਰ ਕਰਨ ਦੀ ਖੁੱਲ੍ਹ ਦੇਣ ਤੋਂ ਬਾਅਦ ਗੋਰਿਆਂ ਨੇ ਹਿੰਦੁਸਤਾਨ ਨੂੰ ਗੁਲਾਮ ਬਣਾਇਆ ਸੀ, ਉਸੇ ਤਰ੍ਹਾਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਭਾਰਤ ਦੇ ਲੋਕਾਂ ਨੂੰ ਦੇਸੀ-ਵਿਦੇਸ਼ੀ ਕੰਪਨੀ ਕੋਲ ਆਰਥਿਕ ਤੌਰ ’ਤੇ ਗੁਲਾਮ ਬਣਾਉਣ ਦੇ ਰਾਹ ਪਈ ਹੋਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਮਹਾਤਮਾ ਗਾਂਧੀ ਨੇ ਅੰਗਰੇਜ਼ਾਂ ਨੂੰ ਖਦੇੜਨ ਲਈ ‘ਭਾਰਤ ਛੱਡੋ’ ਦਾ ਨਾਅਰਾ ਬੁਲੰਦ ਕਰ ਕੇ ਪੂਰੇ ਮੁਲਕ ਨੂੰ ਹਲੂਣਾ ਦਿੱਤਾ ਸੀ, ਉਸੇ ਤਰ੍ਹਾਂ ਕਿਸਾਨ ਜਥੇਬੰਦੀਆਂ ਵੀ ਨਾਅਰਾ ਬੁਲੰਦ ਕਰ ਰਹੀਆਂ ਹਨ ਕਿ ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਵੀ ਕਾਰਪੋਰੇਟ ਘਰਾਣਿਆਂ ਦਾ ਮੋਹ ਤਿਆਗ ਕੇ ਮੁਲਕ ਨੂੰ ਆਰਥਿਕ ਤੌਰ ’ਤੇ ਗੁਲਾਮ ਬਣਾਉਣ ਤੋਂ ਰੋਕਣ।
ਸੰਘਰਸ਼ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ
ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦਾ ਕਾਰਪੋਰੇਟ ਘਰਾਣਿਆਂ ਨਾਲੋਂ ਮੋਹ ਤੋੜਨ ਲਈ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ, ਜਿਸ ਲਈ ਦੇਸ਼ ਦੇ ਸਮੂਹ ਵਰਗ ਇਕਜੁੱਟ ਹੋ ਕੇ ਕਾਰਪੋਰੇਟਾਂ ਖ਼ਿਲਾਫ਼ ਨਿੱਤਰਨ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਵਿੱਢਿਆ ਗਿਆ ਸੰਘਰਸ਼ ਹੁਣ ਮਹਿਜ਼ ਕਿਸਾਨੀ ਲਈ ਹੀ ਚਿੰਤਾ ਦਾ ਵਿਸ਼ਾ ਨਹੀਂ ਹੋਣਾ ਚਾਹੀਦਾ, ਸਗੋਂ ਸਾਰੇ ਦੇਸ਼ ਲਈ ਫਿਕਰ ਵਾਲੀ ਗੱਲ ਹੈ।