ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 15 ਮਈ
ਕਾਂਗਰਸ ਪਾਰਟੀ ਦੇ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿੱਚ ਅੱਜ ਇੱਥੇ ਇਕ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਸਰਕਾਰ ਵੱਲੋਂ ਲਿਆਦੇ ਗਏ ਕਾਲੇ ਕਾਨੂੰਨਾਂ ਨੇ 700 ਕਿਸਾਨ ਹਮੇਸ਼ਾ ਲਈ ਖੋਹ ਲਏ। ਉਨ੍ਹਾਂ ਕੇਂਦਰ ਸਰਕਾਰ ’ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਗੁਜਰਾਤ ਵਿੱਚ ਪੰਜ ਬੰਦਰਗਾਹਾਂ ਬਣਾ ਦਿੱਤੀਆਂ ਜਦੋਂਕਿ ਉਨ੍ਹਾਂ ਵੱਲੋਂ ਆਵਾਜ਼ ਬੁਲੰਦ ਕਰਨ ਦੇ ਬਾਵਜੂਦ ਪੰਜਾਬ ਲਈ ਇਕ ਵੀ ਖੁਸ਼ਕ ਬੰਦਰਗਾਹ ਨਹੀਂ ਬਣਾਈ ਗਈ। ਉਨ੍ਹਾਂ ਕਿਹਾ ਕਿ ਜੇਕਰ ਇਹ ਖੁਸ਼ਕ ਬੰਦਰਗਾਹ ਬਣਦੀ ਤਾਂ ਨੌਜਵਾਨਾਂ ਨੂੰ ਇੱਥੇ ਹੀ ਰੁਜ਼ਗਾਰ ਮਿਲ ਜਾਂਦਾ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ 100 ਸਾਲ ਪਿੱਛੇ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵਿੱਚ ਮੁੜ ਤੋਂ ਭਾਜਪਾ ਸਰਕਾਰ ਆ ਗਈ ਤਾਂ ਸੰਵਿਧਾਨ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਂਜਰੀਵਾਲ ਨੂੰ ਕੇਂਦਰ ਦੀ ਭਾਜਪਾ ਸਰਕਾਰ ਦਾ ਇੰਜਣ ਕਰਾਰ ਦਿੱਤਾ। ਪਾਰਟੀ ਉਮੀਦਵਾਰ ਡਾ. ਅਮਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ’ਚ ਭਾਜਪਾ ਸਰਕਾਰ ਬਣੀ ਤਾਂ ਦੇਸ਼ ਦੀ ਆਜ਼ਾਦੀ ਖਤਮ ਹੋ ਜਾਵੇਗੀ।