ਚੋਣਾਂ ਜਿੱਤਣ ਲਈ ਏਜੰਸੀਆਂ ਨੂੰ ਵਰਤ ਰਹੀ ਹੈ ਮੋਦੀ ਸਰਕਾਰ: ਸਿਸੋਦੀਆ
‘ਆਪ’ ਆਗੂ ਨੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਿਆ
‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਇੱਥੇ ਅੱਸੂ ਦੇ ਪਹਿਲੇ ਨਰਾਤੇ ਮੌਕੇ ਪ੍ਰਸਿੱਧ ਮਾਤਾ ਕਾਲੀ ਦੇਵੀ ਮੰਦਰ ਵਿੱਚ ਮੱਥਾ ਟੇਕਿਆ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪੀ ਆਰ ਟੀ ਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਅਤੇ ਮੰਦਰ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ|
ਇਸ ਮੌਕੇ ਸਿਸੋਦੀਆ ਨੇ ‘ਆਪ’ ਆਗੂਆਂ ਨਾਲ ਹਵਨ ਤੇ ਪੂਜਾ ਕੀਤੀ। ਉਨ੍ਹਾਂ ਸਮੂਹ ਸ਼ਰਧਾਲੂਆਂ ਨੂੰ ਨਰਾਤਿਆਂ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਮੰਦਰ ਵਿੱਚ ਸਥਾਪਤ ਕੀਤੇ ਗਏ ਨਵੇਂ ਝੰਡੇ ਨੂੰ ਲਹਿਰਾਇਆ| ਉਪਰੰਤ ਨਵੇਂ ਬਣੇ ਲੰਗਰ ਹਾਲ ਵਿੱਚ ਕੰਨਿਆ ਪੂਜਨ ਕੀਤਾ ਅਤੇ ਲੰਗਰ ਵਰਤਾਉਣ ਦੀ ਸੇਵਾ ਨਿਭਾਈ| ਮਨੀਸ਼ ਸਿਸੋਦੀਆ ਨੇ ਭਗਵੰਤ ਸਿੰਘ ਮਾਨ ਦੇ ਮੁੜ ਮੁੱਖ ਮੰਤਰੀ ਬਣਨ ਦੀ ਕਾਮਨਾ ਕਰਦਿਆਂ ਪ੍ਰਾਰਥਨਾ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਵੇ। ਮੰਦਰ ਵਿੱਚ ਚੱਲ ਰਹੇ ਉਸਾਰੀ ਅਤੇ ਨਵੀਨੀਕਰਨ ਦੇ ਕੰਮਾਂ ਬਾਰੇ ਗੱਲ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਲਈ ਖ਼ੁਸ਼ਕਿਸਮਤੀ ਹੈ ਕਿ ਉਨ੍ਹਾਂ ਦੀ ਸਰਕਾਰ ਨੂੰ ਇਸ ਪਵਿੱਤਰ ਮੰਦਰ ਦੇ ਨਵੀਨੀਕਰਨ ਦੀ ਸੇਵਾ ਦਾ ਮੌਕਾ ਮਿਲਿਆ ਹੈ| ਉਨ੍ਹਾਂ ਕਿਹਾ ਕਿ ਇੱਥੇ ਦੇਸ਼ ਭਰ ਤੋਂ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਸੰਭਵ ਪ੍ਰਬੰਧ ਕੀਤੇ ਜਾਣਗੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੀਸ਼ ਸਿਸੋਦੀਆ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਨਿਸ਼ਾਨਾ ਸੇਧਿਆ| ਸੀ ਬੀ ਆਈ, ਚੋਣ ਕਮਿਸ਼ਨ ਅਤੇ ਈ ਡੀ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਸੰਸਥਾਵਾਂ ਨੂੰ ਚੋਣਾਂ ਜਿੱਤਣ ਦੇ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਵਰਤੋਂ ਸਿਆਸੀ ਲਾਹੇ ਲਈ ਕੀਤੀ ਜਾ ਰਹੀ ਹੈ| ਉਨ੍ਹਾਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਸਿਰਫ਼ ਸਰਕਾਰ ਵਿੱਚ ਹਨ, ਲੋਕਾਂ ਦੇ ਦਿਲਾਂ ਵਿੱਚ ਨਹੀਂ| ਇਸ ਮੌਕੇ ਮੇਅਰ ਕੁੰਦਨ ਗੋਗੀਆ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਨਵਲਦੀਪ ਮੌਲਵੀਵਾਲਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇਜਿੰਦਰ ਮਹਿਤਾ, ਸੀ ਏ ਅਲੀਪੁਰੀਆ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਹੋਰ ਪਤਵੰਤੇ ਵੀ ਮੌਜੂਦ ਸਨ|

