ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 5 ਨਵੰਬਰ
ਦਿੱਲੀ ਦੇ ਜੰਤਰ ਮੰਤਰ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਧਰਨਾ ਦੇਣ ਬਾਅਦ ਲੁਧਿਆਣਾ ਪੁੱਜੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੱਤਰਕਾਰ ਮਿਲਣੀ ਕਰਦੇ ਹੋਏ ਕਿਹਾ ਕਿ ਲਗਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਦੇਸ਼ ਦਾ ਹਿੱਸਾ ਹੀ ਨਹੀਂ ਮੰਨਦੇ, ਇਸ ਕਾਰਨ ਪੰਜਾਬ ਵਾਲਿਆਂ ਦੀ ਕੋਈ ਗੱਲ ਸੁਣਨਾ ਹੀ ਨਹੀਂ ਚਾਹੁੰਦੇ। ਵਿਧਾਇਕ ਬੈਂਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਨੂੰ ਲੋਕ ਸਭਾ ਦੀਆਂ 13 ਸੀਟਾਂ ਨਾਲ ਤੋਲ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਪੰਜਾਬ ਦੀਆਂ 13 ਸੀਟਾਂ ਨਾਲ ਉਨ੍ਹਾਂ ਨੂੰ ਕੁੱਝ ਫਰਕ ਨਹੀਂ ਪੈਂਦਾ, ਇਸ ਕਾਰਨ ਉਹ ਪੰਜਾਬ ਦੇ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਮਾਲ ਗੱਡੀਆਂ ਨਾ ਚਲਾਉਣ ’ਤੇ ਉਸ ਦਾ ਪੰਜਾਬ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ।