ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਨਵੰਬਰ
ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਕਿਸਾਨਾਂ ’ਤੇ ਜ਼ੁਲਮ ਢਾਹੁਣ ਲਈ ਜ਼ਿੰਮੇਵਾਰ ਲੋਕਾਂ ਨੂੰ ਪਨਾਹ ਦੇਣ ਵਿੱਚ ਵੱਡਾ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਫੋਰੈਂਸਿਕ ਰਿਪੋਰਟ ਤੋਂ ਪੁਸ਼ਟੀ ਹੋਈ ਹੈ ਕਿ 3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਦੌਰਾਨ ਤਿੰਨ ਹਥਿਆਰਾਂ ਵਿੱਚੋਂ ਗੋਲੀ ਚੱਲਣ ਦੇ ਸਬੂਤ ਮਿਲੇ ਹਨ, ਜੋ ਘਟਨਾ ਦੇ ਮੁੱਖ ਮੁਲਜ਼ਮ ਤੇ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੇ ਇਕ ਹੋਰ ਮੁਲਜ਼ਮ ਅੰਕਿਤ ਦਾਸ ਦੀ ਲਾਇਸੈਂਸੀ ਬੰਦੂਕ ਤੋਂ ਚੱਲੀਆਂ ਸਨ ਅਤੇ ਇਸ ਤੋਂ ਸਾਬਤ ਹੁੰਦਾ ਹੈ ਕਿ ਲਖੀਮਪੁਰ ਘਟਨਾ ਦੇ ਮੁਲਜ਼ਮ ਭਾਜਪਾ ਨਾਲ ਸਬੰਧਤ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਆਸ਼ੀਸ਼ ਮਿਸ਼ਰਾ ਦੇ ਪਿਤਾ ਅਜੈ ਮਿਸ਼ਰਾ ਨੂੰ ਤੁਰੰਤ ਗ੍ਰਹਿ ਵਿਭਾਗ ਦੇ ਮੰਤਰਾਲੇ ਤੋਂ ਬਰਖਾਸਤ ਕੀਤਾ ਜਾਵੇ, ਨਹੀਂ ਕੇਂਦਰ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।