ਚਰਨਜੀਤ ਸਿੰਘ ਚੰਨੀ
ਮੁੱਲਾਂਪੁਰ ਗਰੀਬਦਾਸ, 11 ਫਰਵਰੀ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਅੱਜ ਨਵਾਂ ਗਾਉਂ ਵਿਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਨਾਲ ਗੂੜ੍ਹਾ ਪਿਆਰ ਹੈ। ਉਹ ਹਲਕਾ ਖਰੜ ਤੋਂ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਕਮਲਦੀਪ ਸਿੰਘ ਸੈਣੀ ਦੇ ਹੱਕ ਵਿਚ ਪ੍ਰਚਾਰ ਕਰਨ ਆਏ ਸਨ। ਜੈ ਰਾਮ ਠਾਕੁਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ 5 ਜਨਵਰੀ ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪੰਜਾਬ ਦੇ ਵਿਕਾਸ ਲਈ ਕਰੋੜਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣਾ ਸੀ ਪਰ ਕਾਂਗਰਸ ਦੀ ਕਥਿਤ ਘਟੀਆ ਕਾਰਗੁਜ਼ਾਰੀ ਕਾਰਨ ਪੰਜਾਬ ਵਿਕਾਸ ਪੱਖੋਂ ਪੱਛੜ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਨਾਲ ਗੂੜ੍ਹਾ ਪਿਆਰ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਭਾਜਪਾ ਹੀ ਭਾਰਤ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਹਰਮਨ ਪਿਆਰਾ ਬਣਾ ਸਕਦੀ ਹੈ। ਇਸ ਮੌਕੇ ਉਮੀਦਵਾਰ ਕਮਲਦੀਪ ਸਿੰਘ ਸੈਣੀ ਨੇ ਮੁੱਖ ਮੰਤਰੀ ਨੂੰ ਇਲਾਕੇ ਦੀਆਂ ਮੁਸ਼ਕਲਾਂ ਸਬੰਧੀ ਜਾਣੂੰ ਕਰਵਾਇਆ। ਜ਼ਿਕਰਯੋਗ ਹੈ ਕਿ ਭਾਜਪਾ ਦੇ ਸੀਨੀਅਰ ਆਗੂ ਬਲਵੀਰ ਸਿੰਘ ਗੋਰਖਾ ਮੀਟਿੰਗ ’ਚੋਂ ਗੈਰਹਾਜ਼ਰ ਰਹੇ। ਇਸ ਸਬੰਧੀ ਭਾਜਪਾ ਯੁਵਾ ਮੋਰਚਾ ਦੇ ਸਕੱਤਰ ਗੁਰਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੀਟਿੰਗ ਵਿਚ ਸ਼ਾਮਲ ਹੋਣ ਲਈ ਪੁਰਾਣੇ ਵਰਕਰਾਂ ਨੂੰ ਕੋਈ ਸੱਦਾ ਪੱਤਰ ਨਹੀਂ ਮਿਲਿਆ।
ਜਲੰਧਰ (ਪਾਲ ਸਿੰਘ ਨੌਲੀ): ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਆਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਪੱਖੋਂ ਗੰਭੀਰ ਕੁਤਾਹੀ ਕਾਰਨ ਨੈਤਿਕ ਆਧਾਰ `ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਸੀ। ਉਹ ਅੱਜ ਇੱਥੇ ਜਲੰਧਰ ਕੇਂਦਰੀ ਤੇ ਉਤਰੀ ਵਿਧਾਨ ਸਭਾ ਹਲਕਿਆਂ ਵਿੱਚ ਭਾਜਪਾ ਦੇ ਉਮੀਦਵਾਰ ਮਨੋਰੰਜਨ ਕਾਲੀਆ ਤੇ ਕੇਡੀ ਭੰਡਾਰੀ ਦੇ ਸਮਰਥਨ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਵਿਵਸਥਾ ਦੀ ਵੱਡੀ ਉਲੰਘਣਾ ਸੀ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਆਪਣੇ ਜਨਤਕ ਰੈਲੀ ਵਾਲੇ ਸਥਾਨ `ਤੇ ਨਹੀਂ ਪੁੱਜ ਸਕੇ।