ਪਾਲ ਸਿੰਘ ਨੌਲੀ
ਜਲੰਧਰ, 13 ਫਰਵਰੀ
ਜਲੰਧਰ ਛਾਉਣੀ ਤੋਂ ਕਾਂਗਰਸ ਦੇ ਉਮੀਦਵਾਰ ਪਰਗਟ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਸੱਤ ਸੌ ਤੋਂ ਵੱਧ ਕਿਸਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਕਿਸਾਨੀ ਅੰਦੋਲਨ ਦੌਰਾਨ ਹੋਈਆਂ ਮੌਤਾਂ ਲਈ ਪ੍ਰਧਾਨ ਮੰਤਰੀ ਮੋਦੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਮੋਦੀ ਨੂੰ ਪੰਜਾਬ ਵਿਚ ਵੋਟਾਂ ਮੰਗਣ ਦੀ ਥਾਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। ਕਾਂਗਰਸੀ ਆਗੂ ਨੇ ਹੈਰਾਨੀ ਪ੍ਰਗਟਾਈ ਕਿ ਲੋਕ ਭਾਜਪਾ ਆਗੂਆਂ ਨੂੰ ਪਿੰਡਾਂ ਵਿਚ ਵੜਨ ਵੀ ਨਹੀਂ ਦੇ ਰਹੇ ਤਾਂ ਭਾਜਪਾਈ ਵੋਟਾਂ ਕਿੱਥੋਂ ਭਾਲ ਰਹੇ ਹਨ। ਕਾਂਗਰਸੀ ਉਮੀਦਵਾਰ ਨੇ ਲੋਕਾਂ ਨੂੰ ਯਾਦ ਕਰਵਾਇਆ ਕਿ ਕਿਵੇਂ ਭਾਜਪਾ ਦੇ ਕੇਂਦਰੀ ਮੰਤਰੀ ਦੇ ਲੜਕੇ ਨੇ ਲਖੀਮਪੁਰ ਖੀਰੀ ਵਿਚ ਕਿਸਾਨਾਂ ’ਤੇ ਆਪਣੀ ਗੱਡੀ ਚੜ੍ਹਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਲੜਾਈ ਭਾਜਪਾ ਨਾਲ ਨਹੀਂ ਸਗੋਂ ਕੇਂਦਰ ਸਰਕਾਰ ਨਾਲ ਹੈ। ਭਾਜਪਾ ਨੇ ਕਾਂਗਰਸ ਵਿਰੁੱਧ ਕੇਂਦਰੀ ਏਜੰਸੀਆਂ ਸਮੇਤ ਹੋਰ ਸਾਰੀ ਸਰਕਾਰੀ ਮਸ਼ੀਨਰੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੋਇਆ ਹੈ। ਪੰਜਾਬ ਦੇ ਲੋਕ ਜਾਣਦੇ ਹਨ ਕਿ ਭਾਜਪਾ ਲੋਕਾਂ ਨੂੰ ਫਿਰਕੂ ਅਧਾਰ ’ਤੇ ਵੰਡਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ‘ਬੀ’ ਟੀਮ ਆਮ ਆਦਮੀ ਪਾਰਟੀ ਦਾ ਹਾਲ ਤਾਂ ਹੋਰ ਵੀ ਬੁਰਾ ਹੋ ਰਿਹਾ ਹੈ। ਉਨ੍ਹਾਂ ਨੇ ਟਿਕਟਾਂ ਦੇਣ ਦੇ ਨਾਂ ’ਤੇ ਭੋਲੇ-ਭਾਲੇ ਲੋਕਾਂ ਕੋਲੋਂ ਲੱਖਾਂ ਰੁਪਏ ਬਟੋਰੇ ਹਨ। ਕੁਝ ਦਿਨ ਪਹਿਲਾਂ ਹੀ ਕੇਜਰੀਵਾਲ ਦੇ ਨਜ਼ਦੀਕੀ ਰਿਸ਼ਤੇਦਾਰਾਂ ’ਤੇ 20 ਲੱਖ ਰੁਪਏ ਠੱਗਣ ਦਾ ਦੋਸ਼ ਲੱਗਾ ਸੀ।