Moga Police Encounter: ਗੋਲੀਬਾਰੀ ਕਰਨ ਵਾਲੇ ਦੋ ਜਣੇ ਪੁਲੀਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ
ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੀਤੀ ਸੀ ਗੋਲੀਬਾਰੀ; ਪਰਵਾਸੀਆਂ ਨੂੰ ਪੰਜਾਬ ਵਿਚੋਂ ਕੱਢਣ ਦੀ ਦਿੱਤੀ ਸੀ ਚਿਤਾਵਨੀ
ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ 10 ਫਰਵਰੀ ਨੂੰ ਪਰਵਾਸੀ ਮਜ਼ਦੂਰਾਂ ’ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਪੁਲੀਸ ਨੂੰ ਅੱਜ ਸਫਲਤਾ ਮਿਲੀ ਹੈ। ਪੁਲੀਸ ਨੇ ਅੱਜ ਪਿੰਡ ਘੱਲਕਲਾਂ ਨੇੜੇ ਹੋਏ ਮੁਕਾਬਲੇ ਦੌਰਾਨ ਦੋ ਮੁਲਜ਼ਮਾਂ ਜੋਬਨਪ੍ਰੀਤ ਅਤੇ ਅਕਾਸ਼ਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਜੋਬਨਪ੍ਰੀਤ ਦੀ ਲੱਤ ਵਿੱਚ ਗੋਲੀ ਲੱਗੀ ਹੈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਅਤੇ ਦੋ ਹਥਿਆਰ ਵੀ ਬਰਾਮਦ ਕੀਤੇ ਹਨ।
ਮੋਗਾ ਦੇ ਐਸ.ਐਸ.ਪੀ. ਅਜੈ ਗਾਂਧੀ ਨੇ ਦੱਸਿਆ ਕਿ ਪੁਲੀਸ ਨੂੰ ਮੁਲਜ਼ਮਾਂ ਦੀ ਮੌਜੂਦਗੀ ਬਾਰੇ ਗੁਪਤ ਸੂਚਨਾ ਮਿਲੀ ਸੀ। ਜਦੋਂ ਪੁਲੀਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੁਲਜ਼ਮਾਂ ਨੇ ਪੁਲੀਸ ਟੀਮ ’ਤੇ 4-5 ਰਾਊਂਡ ਫਾਇਰ ਕੀਤੇ। ਪੁਲੀਸ ਦੀ ਜਵਾਬੀ ਕਾਰਵਾਈ ਵਿੱਚ ਜੋਬਨਪ੍ਰੀਤ ਜ਼ਖਮੀ ਹੋ ਗਿਆ, ਜਦਕਿ ਉਸ ਦੇ ਸਾਥੀ ਅਕਾਸ਼ਦੀਪ ਨੂੰ ਭੱਜਣ ਦੀ ਕੋਸ਼ਿਸ਼ ਕਰਦਿਆਂ ਕਾਬੂ ਕਰ ਲਿਆ ਗਿਆ। ਪੁਲੀਸ ਮੁਤਾਬਕ ਇਹ ਹਮਲਾ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਦੇ ਨਿਰਦੇਸ਼ਾਂ ’ਤੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੇ ਮਕਸਦ ਨਾਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਫਿਰੋਜ਼ਪੁਰ ਦੇ ਦੋ ਹੋਰ ਵਿਅਕਤੀਆਂ ਨੂੰ ਵੀ ਪਨਾਹ ਦੇਣ ਦੇ ਦੋਸ਼ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਜ਼ਿਕਰਯੋਗ ਹੈ ਕਿ 10 ਫਰਵਰੀ ਨੂੰ ਜ਼ੀਰਾ ਰੋਡ ’ਤੇ ਫੈਕਟਰੀ ਤੋਂ ਕੰਮ ਕਰਕੇ ਰੋਟੀ ਖਾਣ ਜਾ ਰਹੇ ਮਜ਼ਦੂਰਾਂ ’ਤੇ ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਸਨ। ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ 'ਨਿਰਵੈਰ ਸਿੰਘ' ਨਾਮੀ ਆਈਡੀ ਤੋਂ ਵਾਇਰਲ ਹੋਈ ਸੀ, ਜਿਸ ਵਿੱਚ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਸੀ। ਪੋਸਟ ਵਿੱਚ ਧਮਕੀ ਦਿੱਤੀ ਗਈ ਸੀ ਕਿ ਜੇਕਰ ਪਰਵਾਸੀਆਂ ਨੂੰ ਪੰਜਾਬ ਦੇ ਪਿੰਡਾਂ ਵਿੱਚੋਂ ਨਾ ਕੱਢਿਆ ਗਿਆ ਤਾਂ ਅਜਿਹੀਆਂ ਹੋਰ ਵਾਰਦਾਤਾਂ ਕੀਤੀਆਂ ਜਾਣਗੀਆਂ। ਪੁਲੀਸ ਹੁਣ ਤੀਜੇ ਫਰਾਰ ਮੁਲਜ਼ਮ ਦੀ ਭਾਲ ਕਰ ਰਹੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

