ਦਰਸ਼ਨ ਸਿੰਘ ਸੋਢੀ
ਮੁਹਾਲੀ, 2 ਸਤੰਬਰ
ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਮਿਆਰੀ ਅਤੇ ਚੰਗੀ ਸਿੱਖਿਆ ਦੇਣ ਦੀ ਗਾਰੰਟੀ ਦਿੱਤੀ ਗਈ ਸੀ ਪਰ ਜ਼ਿਆਦਾਤਰ ਸਕੂਲਾਂ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਘਾਟ ਕਾਰਨ ਮਿਥੇ ਟਿੱਚੇ ਪ੍ਰਾਪਤ ਕਰਨੇ ਅਸੰਭਵ ਹਨ। ਅੱਜ ਇੱਥੇ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਸਰਪ੍ਰਸਤ ਹਾਕਮ ਸਿੰਘ ਵਾਲੀਆ, ਸਲਾਹਕਾਰ ਸੁਖਦੇਵ ਸਿੰਘ ਰਾਣਾ ਅਤੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਮੁੱਖ ਦਫਤਰ ਵਿਖੇ ਡਾਇਰੈਕਟਰ, ਡਿਪਟੀ ਡਾਇਰੈਕਟਰ ਅਤੇ ਜੁਆਇੰਟ ਡਾਇਰੈਕਟਰਾਂ, ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਆਸਾਮੀਆਂ ਖਾਲੀ ਹੋਣ ਕਾਰਨ ਵਾਧੂ ਚਾਰਜ ਦੇ ਕੇ ਡੰਗ ਸਾਰਿਆ ਜਾ ਰਿਹਾ ਹੈ। ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਅਤੇ ਜਨਰਲ ਸਕੱਤਰ ਬਲਰਾਜ ਸਿੰਘ ਬਾਜਵਾ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ 9 ਸਕੂਲ, ਹੁਸਿਆਰਪੁਰ ਦੇ 35, ਜਲੰਧਰ ਦੇ 34, ਕਪੂਰਥਲਾ ਦੇ 28, ਗੁਰਦਾਸਪੁਰ ਦੇ 33, ਫਿਰੋਜ਼ਪੁਰ ਦੇ 25, ਲੁਧਿਆਣਾ ਜ਼ਿਲ੍ਹੇ ਦੇ 30 ਸਕੂਲਾਂ ਵਿੱਚ ਪ੍ਰਿੰਸੀਪਲ ਨਹੀਂ ਹਨ। ਗੁਰਪ੍ਰੀਤ ਸਿੰਘ ਬਠਿੰਡਾ ਅਤੇ ਮਲਕੀਤ ਸਿੰਘ ਫਿਰੋਜ਼ਪੁਰ ਨੇ ਕਿਹਾ ਕਿ ਜ਼ਿਲ੍ਹਾ ਬਠਿੰਡਾ ਦੇ 45, ਫਰੀਦਕੋਟ ਦੇ 15, ਫਤਹਿਗੜ੍ਹ ਸਾਹਿਬਦੇ 6, ਫਾਜ਼ਿਲਕਾ ਦੇ 13, ਬਰਨਾਲਾ ਦੇ 23, ਮਾਨਸਾ ਦੇ 31, ਮਾਲੇਰਕੋਟਲਾ ਦੇ 7, ਮੋਗਾ ਦੇ 44, ਮੁਕਤਸਰ ਦੇ 13, ਪਨਾਨਕੋਟ ਦੇ 8, ਪਟਿਆਲਾ ਦੇ 13, ਤਰਨਤਾਰਨ ਦੇ 35, ਸੰਗਰੂਰ ਦੇ 30 ਸਕੂਲਾਂ ਵਿੱਚ ਪ੍ਰਿੰਸੀਪਲ ਨਹੀਂ ਹਨ। ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤੇ ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ ਅਤੇ ਅਵਤਾਰ ਸਿੰਘ ਰੂਪਨਗਰ ਨੇ ਕਿਹਾ ਕਿ ਸਭਸ ਨਗਰ ਦੇ 29, ਰੂਪਨਗਰ ਦੇ ਇਕ ਸਕੂਲ ਵਿੱਚ ਪ੍ਰਿੰਸੀਪਲ ਨਹੀਂ ਹੈ। ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਸਮੂਹ ਅਹੁਦੇਦਾਰ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਪ੍ਰਮੁੱਖ ਸਿੱਖਿਆ ਸਕੱਤਰ ਜਸਪ੍ਰੀਤ ਤਲਵਾੜ ਤੋਂ ਮੰਗ ਕੀਤੀ ਕਿ ਪਹਿਲ ਦੇ ਆਧਾਰ ‘ਤੇ ਪਦਉਨਤੀਆਂ ਕਰਕੇ ਪ੍ਰਿੰਸੀਪਲਾਂ ਦੀਆਂ ਆਸਾਮੀਆ ਭਰੀਆਂ ਜਾਣ।