ਦਰਸ਼ਨ ਸਿੰਘ ਸੋਢੀ
ਮੁਹਾਲੀ, 10 ਮਈ
ਇਥੋਂ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ’ਤੇ ਸੋਮਵਾਰ ਰਾਤ ਨੂੰ ਹਮਲੇ ਸਬੰਧੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਡੀਜੀਪੀ ਵੀਕੇ ਭਾਵਰਾ ਸਿੱਧਾ ਇੰਟੈਲੀਜੈਂਸ ਵਿੰਗ ਦੇ ਦਫ਼ਤਰ ਪਹੁੰਚੇ ਅਤੇ ਉੱਥੇ ਕਰਵੇਜ ਲਈ ਖੜੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਰੂਪਨਗਰ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਵੀ ਹਾਜ਼ਰ ਸਨ। ਡੀਜੀਪੀ ਨੇ ਕਿਹਾ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਹੀ ਮਾਮਲਾ ਸੁਲਝਾ ਲਿਆ ਜਾਵੇਗਾ ਅਤੇ ਹਮਲਾਵਰ ਜਲਦੀ ਹੀ ਜੇਲ੍ਹ ਵਿੱਚ ਨਜ਼ਰ ਆਉਣਗੇ। ਹਾਲਾਂਕਿ ਪੁਲੀਸ ਨੇ ਪੁੱਛ ਪੜਤਾਲ ਲਈ ਕਰੀਬ ਦਰਜਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਪਰ ਡੀਜੀਪੀ ਨੇ ਸਪੱਸ਼ਟ ਕੀਤਾ ਹੈ ਕਿ ਫ਼ਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਉਂਝ ਡੀਜੀਪੀ ਨੇ ਕਿਹਾ ਕਿ ਹਮਲਾਵਰਾਂ ਨੇ ‘ਸਾਨੂੰ ਲਲਕਾਰਿਆ’ ਹੈ ਅਤੇ ਪੰਜਾਬ ਪੁਲੀਸ ਇਸ ਚੁਣੌਤੀ ਦਾ ਤਕੜੇ ਹੋ ਕੇ ਟਾਕਰਾ ਕਰੇਗੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ