ਮੁਹਾਲੀ ਅਦਾਲਤ ਵੱਲੋਂ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ
ਕਰਮਜੀਤ ਸਿੰਘ ਚਿੱਲਾ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ’ਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਮੁਹਾਲੀ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਅੱਜ ਇਹ ਫ਼ੈਸਲਾ ਸੁਣਾਇਆ ਹੈ।
ਸ੍ਰੀ ਮਜੀਠੀਆ ਨੂੰ ਵਿਜੀਲੈਂਸ ਵੱਲੋਂ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕਰ ਕੇ ਮੁਹਾਲੀ ਲਿਆਂਦਾ ਗਿਆ ਸੀ। ਉਨ੍ਹਾਂ ਉੱਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਵੱਲੋਂ ਉਨ੍ਹਾਂ ਦੀਆਂ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਯੂਪੀ ਵਿਚਲੀਆਂ ਜਾਇਦਾਦਾਂ ਦੀ ਤਲਾਸ਼ੀ ਲਈ ਗਈ ਸੀ।
ਬਿਕਰਮ ਮਜੀਠੀਆ ਦੇ ਵਕੀਲਾਂ ਅਰਸ਼ਦੀਪ ਸਿੰਘ ਕਲੇਰ, ਐੱਚਐੱਸ ਧਨੋਆ, ਦਮਨਬੀਰ ਸਿੰਘ ਸੋਬਤੀ ਨੇ 14 ਜੁਲਾਈ ਨੂੰ ਮੁਹਾਲੀ ਦੀ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਅੱਜ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰ ਕੇ ਉਨ੍ਹਾਂ ਦੀ ਪਟੀਸ਼ਨ ਨੂੰ ਕੇਸ ਦੀ ਫ਼ਾਈਲ ਨਾਲ ਜੋੜ ਦਿੱਤਾ ਹੈ। ਜ਼ਮਾਨਤ ਰੱਦ ਹੋਣ ਤੋਂ ਬਾਅਦ ਸ੍ਰੀ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਆਖਿਆ ਕਿ ਉਹ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਨਗੇ।
ਗਨੀਵ ਕੌਰ ਮਜੀਠੀਆ ਵੀ ਹਾਈ ਕੋਰਟ ਪੁੱਜੀ
ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਵੀ ਹਾਈ ਕੋਰਟ ਪੁੱਜੀ ਹੈ। ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਪਾਈ ਪਟੀਸ਼ਨ ਵਿੱਚ ਉਨ੍ਹਾਂ ਵਿਜੀਲੈਂਸ ਵੱਲੋਂ 10 ਅਗਸਤ ਨੂੰ ਜਾਰੀ ਕੀਤੇ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਐਡਵੋਕੇਟ ਸੋਬਤੀ ਨੇ ਦੱਸਿਆ ਕਿ ਵਿਜੀਲੈਂਸ ਨੇ ਗਨੀਵ ਕੌਰ ਦੇ ਖਾਤਿਆਂ ਦੀ ਜਾਣਕਾਰੀ ਮੰਗੀ ਹੈ। ਅਦਾਲਤ ਨੇ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 26 ਸਤੰਬਰ ਨੂੰ ਜਵਾਬ ਦੇਣ ਲਈ ਕਿਹਾ ਹੈ।