ਵਿਦਿਆਰਥਣ ਨਾਲ ਛੇੜਛਾੜ: ਸ਼ਹਿਰ ਵਾਸੀਆਂ ਵੱਲੋਂ ਧਰਨਾ
ਮਨੋਜ ਸ਼ਰਮਾ
ਇਸ ਸ਼ਹਿਰ ਦੇ ਨਾਮੀ ਸਕੂਲ ਦੀ ਵੈਨ ਦੇ ਡਰਾਈਵਰ ਵੱਲੋਂ 7ਵੀਂ ਜਮਾਤ ਦੀ ਵਿਦਿਆਰਥਣ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੇ ਮਾਪਿਆਂ ਨੇ ਸਮਾਜ ਸੇਵੀ ਸੰਸਥਾਵਾਂ ਦੀ ਅਗਵਾਈ ਹੇਠ ਸਕੂਲ ਅੱਗੇ ਮੁਜ਼ਾਹਰਾ ਕੀਤਾ। ਉਨ੍ਹਾਂ ਸਕੂਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਮਾਜ ਸੇਵੀ ਸੰਸਥਾ ਦੇ ਆਗੂ ਗੁਰਵਿੰਦਰ ਸ਼ਰਮਾ ਤੇ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਇਸ ਘਟਨਾ ਨੇ ਨਾ ਸਿਰਫ਼ ਸਕੂਲ ਪ੍ਰਬੰਧਕਾਂ ਦੀ ਜ਼ਿੰਮੇਵਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ, ਸਗੋਂ ਬੱਚਿਆਂ ਦੀ ਸੁਰੱਖਿਆ ਲਈ ਸਕੂਲਾਂ ਵੱਲੋਂ ਕੀਤੇ ਪ੍ਰਬੰਧਾਂ ਦੀ ਵੀ ਪੋਲ ਖੋਲ੍ਹ ਦਿੱਤੀ ਹੈ। ਪੀੜਤ ਵਿਦਿਆਰਥਣ ਨੇ ਇਸ ਘਟਨਾ ਬਾਰੇ ਆਪਣੇ ਮਾਪਿਆਂ ਨੂੰ ਸੂਚਿਤ ਕੀਤਾ ਸੀ। ਇਸ ਤੋਂ ਬਾਅਦ ਪਰਿਵਾਰ ਨੇ ਸਕੂਲ ਪ੍ਰਬੰਧਕਾਂ ਕੋਲ ਸ਼ਿਕਾਇਤ ਕੀਤੀ ਪਰ ਹੈਰਾਨੀ ਦੀ ਗੱਲ ਹੈ ਕਿ ਸਕੂਲ ਪ੍ਰਿੰਸੀਪਲ ਨੇ ਮਾਮਲੇ ’ਤੇ ਚੁੱਪ ਧਾਰ ਲਈ ਹੈ।
ਪਰਿਵਾਰ ਦਾ ਦੋਸ਼ ਹੈ ਕਿ ਇਹ ਘਟਨਾ 13 ਅਗਸਤ ਨੂੰ ਵਾਪਰੀ ਪਰ ਸਕੂਲ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਡੀਐੱਸਪੀ ਸਰਬਜੀਤ ਬਰਾੜ ਨੇ ਲੋਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਸਿਵਲ ਅਤੇ ਪੁਲੀਸ ਅਧਿਕਾਰੀ ਕੁੱਝ ਖੁੱਲ੍ਹ ਕੇ ਨਹੀਂ ਬੋਲੇ। ਦੂਜੇ ਪਾਸੇ ਥਾਣਾ ਥਰਮਲ ਨੇ ਪੀੜਤਾ ਦੀ ਮਾਂ ਦੇ ਬਿਆਨ ’ਤੇ ਡਰਾਈਵਰ ਮਨਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।