Monsoon Update: ਮਾਲਵਾ ਵਿੱਚ ਮੀਂਹ ਦੀ ਘਾਟ ਨੇ ਫਿਕਰਾਂ ਚ ਪਾਏ ਕਿਸਾਨ; ਝੋਨੇ ਲਈ ਟਿਊਬਵੈੱਲਾਂ ਦਾ ਸਹਾਰਾ
ਅਲ ਨੀਨੋ ਦੇ ਸੰਭਾਵਿਤ ਪ੍ਰਭਾਵਾਂ ਨਾਲ ਨਜਿੱਠਣ ਲਈ ਫਾਜ਼ਿਲਕਾ ਦੇ ਕਿਸਾਨਾਂ ਨੂੰ ਵਿਗਿਆਨਕ ਖੇਤੀ ਅਪਣਾਉਣ ਦੀ ਸਲਾਹ
ਮਾਲਵਾ ਖੇਤਰ ਵਿੱਚ ਇਸ ਵਾਰ ਮਾਨਸੂਨ ਦੀ ਰਫ਼ਤਾਰ ਮੱਠੀ ਰਹਿਣ ਕਾਰਨ ਝੋਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੀਆਂ ਚਿੰਤਾਵਾਂ ਵਧਣ ਲੱਗੀਆਂ ਹਨ। ਖ਼ਾਸ ਕਰਕੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਰਗੇ ਜ਼ਿਲ੍ਹਿਆਂ ਵਿੱਚ ਅਜੇ ਤੱਕ ਲੋੜ ਅਨੁਸਾਰ ਮੀਂਹ ਨਾ ਪੈਣ ਕਾਰਨ ਖੇਤਾਂ ਵਿੱਚ ਪਾਣੀ ਦੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ। ਇਸ ਕਾਰਨ ਕਿਸਾਨਾਂ ਨੂੰ ਟਿਊਬਵੈੱਲਾਂ 'ਤੇ ਵੱਧ ਨਿਰਭਰ ਹੋਣਾ ਪੈ ਰਿਹਾ ਹੈ, ਜਿਸ ਨਾਲ ਬਿਜਲੀ ਦੀ ਖਪਤ ਅਤੇ ਖੇਤੀ ਦੀ ਲਾਗਤ ਵਿੱਚ ਵੀ ਵਾਧਾ ਹੋ ਰਿਹਾ ਹੈ। ਦੂਜੇ ਪਾਸੇ, ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਮੀਂਹ ਦੀ ਘਾਟ ਕਾਰਨ ਉਨ੍ਹਾਂ ਦੇ ਖੇਤੀ ਖਰਚੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਡੀਜ਼ਲ ਤੇ ਬਿਜਲੀ ਦੇ ਖਰਚੇ ਵਧਣ ਨਾਲ ਉਨ੍ਹਾਂ ਸਿਰ ਆਰਥਿਕ ਬੋਝ ਵੀ ਵਧ ਰਿਹਾ ਹੈ।
ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਮੌਸਮ ਵਿੱਚ ਆ ਰਹੀਆਂ ਤਬਦੀਲੀਆਂ ਅਤੇ ਅਲ ਨੀਨੋ ਵਰਗੀਆਂ ਵਿਸ਼ਵ ਪੱਧਰੀ ਜਲਵਾਯੂ ਘਟਨਾਵਾਂ ਦਾ ਅਸਰ ਪੰਜਾਬ ਦੇ ਮਾਨਸੂਨ 'ਤੇ ਵੀ ਪੈ ਸਕਦਾ ਹੈ। ਜੇਕਰ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਦੀ ਕਮੀ ਰਹਿੰਦੀ ਹੈ, ਤਾਂ ਝੋਨੇ ਦੀ ਫ਼ਸਲ ਦੇ ਵਿਕਾਸ ਅਤੇ ਉਤਪਾਦਨ 'ਤੇ ਨਕਾਰਾਤਮਕ (ਮਾੜਾ) ਪ੍ਰਭਾਵ ਪੈ ਸਕਦਾ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ ਅਤੇ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਵਿਗਿਆਨਕ ਢੰਗ ਨਾਲ ਖੇਤੀ ਕਰਨ ਦੀ ਸਲਾਹ ਦਿੱਤੀ ਹੈ।
ਖੇਤੀ ਵਿਗਿਆਨ ਕੇਂਦਰ ਅਬੋਹਰ ਦੇ ਮਾਹਿਰਾਂ ਅਨੁਸਾਰ ਕਿਸਾਨ ਖੇਤਾਂ ਵਿੱਚ ਪਾਣੀ ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ ਲੋੜ ਮੁਤਾਬਕ ਹੀ ਸਿੰਚਾਈ ਕਰਨ। ਖੇਤਾਂ ਵਿੱਚ ਪਾਣੀ ਦੀ ਸਹੀ ਨਿਕਾਸੀ ਅਤੇ ਨਮੀ ਨੂੰ ਬਰਕਰਾਰ ਰੱਖਣ ਲਈ ਖੇਤੀ ਵਿਭਾਗ ਵੱਲੋਂ ਜਾਰੀ ਕੀਤੀਆਂ ਸਿਫ਼ਾਰਸ਼ਾਂ ਦੀ ਪਾਲਣਾ ਕੀਤੀ ਜਾਵੇ। ਇਸ ਤੋਂ ਇਲਾਵਾ, ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਮੇਂ-ਸਮੇਂ 'ਤੇ ਖਾਦਾਂ ਦੀ ਸਹੀ ਵਰਤੋਂ ਕਰਨ, ਕੀੜੇ-ਮਕੌੜਿਆਂ ਦੀ ਨਿਗਰਾਨੀ ਰੱਖਣ ਅਤੇ ਮੌਸਮ ਦੀ ਭਵਿੱਖਬਾਣੀ ਦੇ ਆਧਾਰ 'ਤੇ ਹੀ ਆਪਣੇ ਖੇਤੀ ਕਾਰਜ ਕਰਨ ਦੀ ਵੀ ਵਿਸ਼ੇਸ਼ ਸਲਾਹ ਦਿੱਤੀ ਗਈ ਹੈ।

