ਮੂਸੇਵਾਲਾ ਕਤਲ ਕਾਂਡ: ਸੱਤ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ
ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਹੱਤਿਆ ਕਾਂਡ ’ਚ ਪੰਜਾਬ ਅਤੇ ਹਰਿਆਣਾ ਹੋਈ ਕੋਰਟ ਨੇ ਸੱਤ ਮੁਲਜ਼ਮਾਂ ਦੀ ਜ਼ਮਾਨਤ ਆਰਜ਼ੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ ਅਤੇ ਚਸ਼ਮਦੀਦਾਂ ਦੀ ਗਵਾਹੀ ਮੁਕੰਮਲ ਹੋਣ ਤੱਕ ਵਿਚਾਰ ਨਹੀਂ ਕੀਤਾ ਜਾ ਸਕਦਾ। ਜੇਲ੍ਹ ਵਿੱਚ ਬੰਦ ਸੱਤ ਮੁਲਜ਼ਮਾਂ ਨੇ ਵੱਖ-ਵੱਖ ਆਧਾਰ ਬਣਾ ਕੇ ਹਾਈ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ। ਜਾਣਕਾਰੀ ਮੁਤਾਬਕ ਮੁਲਜ਼ਮ ਪ੍ਰਭਦੀਪ ਸਿੰਘ ਉਰਫ਼ ਭੱਬੀ, ਜਗਤਾਰ ਸਿੰਘ, ਮਨਪ੍ਰੀਤ ਸਿੰਘ ਉਰਫ਼ ਭਾਊ, ਨਸੀਬ ਦੀਨ, ਰਾਜਿੰਦਰ ਉਰਫ਼ ਜ਼ੌਕਰ ਪਵਨ ਬਿਸ਼ਨੋਈ ਅਤੇ ਸਰਾਜ ਦੀਆਂ ਜ਼ਮਾਨਤ ਅਰਜ਼ੀਆਂ ਇਕੱਠੀਆਂ ਸੁਣਵਾਈ ਲਈ ਆਈਆਂ ਸਨ। ਪੁਲੀਸ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਖ਼ਿਲਾਫ਼ ਕਤਲ ਸਣੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੋਇਆ ਹੈ।
ਪਟੀਸ਼ਨਰਾਂ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਉਹ ਦੋ ਸਾਲ ਤੋਂ ਪੁਲੀਸ ਹਿਰਾਸਤ ਵਿੱਚ ਹਨ ਅਤੇ ਕੇਸ ਦੀ ਗਤੀ ਬੇਹੱਦ ਧੀਮੀ ਹੈ। ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਇਸ ਕੇਸ ’ਚ ਕੁੱਲ 180 ਗਵਾਹ ਹਨ, ਜਿਨ੍ਹਾਂ ਵਿੱਚੋਂ ਤਿੰਨ ਚਸ਼ਮਦੀਦ ਗਵਾਹ ਹਨ ਤੇ ਉਨ੍ਹਾਂ ਵਿੱਚੋਂ ਸਿਰਫ਼ ਇੱਕ ਵਿਅਕਤੀ ਨੇ ਹੀ ਗਵਾਹੀ ਦਿੱਤੀ ਹੈ।
ਅਦਾਲਤ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਾਰੇ ਗਵਾਹਾਂ ਦੀ ਗਵਾਹੀ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਨਿਯਮਿਤ ਜ਼ਮਾਨਤ ਪਟੀਸ਼ਨਾਂ ’ਤੇ ਵਿਚਾਰ ਨਹੀਂ ਕੀਤਾ ਜਾ ਸਕਦਾ।
ਦੂਜੇ ਪਾਸੇ, ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ’ਤੇ ਪੂਰਾ ਭਰੋਸਾ ਹੈ ਜਦਕਿ ਸਰਕਾਰਾਂ ਤੋਂ ਉਨ੍ਹਾਂ ਦਾ ਵਿਸ਼ਵਾਸ ਉੱਠ ਚੁੱਕਾ ਹੈ।