ਮਾਨਸਾ (ਪੱਤਰ ਪ੍ਰੇਰਕ): ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਲਈ ਲੋੜੀਂਦੇ ਦੋ ਗੈਂਗਸਟਰਾਂ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਸਿੰਘ ਉਰਫ਼ ਤੂਫਾਨ ਨੂੰ ਅੱਜ ਇਥੋਂ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਦਿੱਤਾ। ਮਾਨਸਾ ਪੁਲੀਸ ਨੇ ਅੱਜ ਮੀਂਹ ਦੌਰਾਨ ਰਾਜਪੁਰਾ ਦੇ ਸੀਆਈਏ ਥਾਣਾ ਤੋਂ ਮਾਨਸਾ ਲਿਆ ਕੇ ਮੁਲਜ਼ਮਾਂ ਦਾ ਸਿਵਲ ਹਸਪਤਾਲ ’ਚੋਂ ਡਾਕਟਰੀ ਮੁਆਇਨਾ ਕਰਵਾਇਆ। ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਗੌਰਵ ਤੂਰਾ ਨੇ ਦੱਸਿਆ ਕਿ ਦੋਹਾਂ ਦਾ 26 ਸਤੰਬਰ ਤੱਕ ਰਿਮਾਂਡ ਲਿਆ ਗਿਆ ਹੈ। ਇਸ ਦੌਰਾਨ ਇਨ੍ਹਾਂ ਤੋਂ ਕਤਲ ਕਰਨ ਦੇ ਯਤਨਾਂ ਸਬੰਧੀ ਕਈ ਕਿਸਮ ਦੀ ਪੁੱਛਗਿੱਛ ਕਰਨੀ ਅਜੇ ਬਾਕੀ ਰਹਿੰਦੀ ਹੈ। ਮਾਨਸਾ ਪੁਲੀਸ ਨੂੰ ਸ਼ੱਕ ਹੈ ਕਿ ਇਨ੍ਹਾਂ ਦੋਨਾਂ ਦਾ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਹੱਥ ਹੋ ਸਕਦਾ ਹੈ। ਪੁਲੀਸ ਨੂੰ ਇਸ ਗੱਲ ਦਾ ਪਤਾ ਲੱਗਿਆ ਹੈ ਕਿ ਇਨ੍ਹਾਂ ਮੂਸੇਵਾਲਾ ਨੂੰ ਮਾਰਨ ਲਈ 29 ਮਈ ਤੋਂ ਪਹਿਲਾਂ ਕਈ ਕੋਸ਼ਿਸ਼ਾਂ ਕੀਤੀਆਂ ਸਨ।
ਮੂਸੇਵਾਲਾ ਦੇ ਪਿਤਾ ਨੂੰ ਪੀਜੀਆਈ ਤੋਂ ਮਿਲੀ ਛੁੱਟੀ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱੱਧੂ ਨੂੰ ਅੱਜ ਪੀਜੀਆਈ ਚੰਡੀਗੜ੍ਹ ’ਚੋਂ ਛੁੱਟੀ ਮਿਲ ਗਈ ਹੈ। ਦੋ ਦਿਨ ਪਹਿਲਾਂ ਉਨ੍ਹਾਂ ਦੇ ਤਿੰਨ ਸਟੰਟ ਪਏ ਸਨ। ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਬਲਕੌਰ ਸਿੰੰਘ ਸਿੱਧੂ, ਜੋ ਪਿਛਲੇ ਕਈ ਦਿਨਾਂ ਤੋਂ ਪੀਜੀਆਈ ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ।