ਜਗਮੋਹਨ ਸਿੰਘ
ਰੂਪਨਗਰ, 12 ਜੂਨ
ਜ਼ਿਲ੍ਹੇ ਦੇ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਅੱਜ ਬਾਅਦ ਦੁਪਹਿਰ ਇੱਕ ਗਰੀਬ ਵਿਅਕਤੀ ਦੇ ਪਸ਼ੂਆਂ ਦੇ ਵਾੜੇ ਨੂੰ ਅਚਨਚੇਤ ਅੱਗ ਲੱਗ ਗਈ, ਜਿਸ ਦੌਰਾਨ ਕਈ ਪਸ਼ੂਆਂ ਦੀ ਮੌਤ ਹੋ ਗਈ ਤੇ ਇੱਕ ਟਰੈਕਟਰ ਵੀ ਨੁਕਸਾਨਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਸਵੰਤ ਸਿੰਘ ਅਤੇ ਬਲਾਕ ਸਮਿਤੀ ਮੈਂਬਰ ਸਰਵਰ ਖਾਨ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਲਗਪਗ ਚਾਰ ਵਜੇ ਰਮਜ਼ਾਨ ਖਾਨ ਪੁੱਤਰ ਜਮਾਲਦੀਨ ਦੇ ਪਸ਼ੂਆਂ ਦੇ ਵਾੜੇ ਨੂੰ ਅਚਾਨਕ ਅੱਗ ਲੱਗ ਗਈ ਅਤੇ ਥੋੜ੍ਹੇ ਸਮੇਂ ਵਿੱਚ ਹੀ ਭਾਂਬੜ ਮਚਣ ਲੱਗੇ ਪਏ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਅੱਗ ਦੀਆਂ ਲਪਟਾਂ ਜ਼ਿਆਦਾ ਤੇਜ਼ ਹੋਣ ਕਾਰਨ ਵਾੜੇ ਵਿੱਚ ਪਸ਼ੂ ਵੀ ਬਾਹਰ ਕੱਢਣ ਦਾ ਮੌਕਾ ਨਹੀਂ ਮਿਲ ਸਕਿਆ, ਜਿਸ ਕਾਰਨ ਤਿੰਨ ਮੱਝਾਂ, ਇੱਕ ਗਾਂ ਅਤੇ ਇੱਕ ਦਰਜਨ ਦੇ ਕਰੀਬ ਹੋਰ ਪਸ਼ੂਆਂ ਦੀ ਝੁਲਸਣ ਕਾਰਨ ਮੌਤ ਹੋ ਗਈ। ਕੁੱਝ ਪਸ਼ੂ ਗੰਭੀਰ ਰੂਪ ਵਿੱਚ ਜ਼ਖਮੀ ਵੀ ਹੋ ਗਏ।
ਉਨ੍ਹਾਂ ਦੱਸਿਆ ਕਿ ਰਮਜ਼ਾਨ ਦੇ ਵਾੜੇ ਵਿੱਚ ਦੀਨ ਮੁਹੰਮਦ ਦਾ ਖੜਿ੍ਹਆ ਨਵਾਂ ਸੋਨਾਲਿਕਾ ਟਰੈਕਟਰ ਵੀ ਅੱਗ ਨਾਲ ਨੁਕਸਾਨਿਆ ਗਿਆ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗਰੀਬ ਪਰਿਵਾਰ ਦੀ ਵੱਧ ਤੋਂ ਵੱਧ ਵਿੱਤੀ ਸਹਾਇਤਾ ਕੀਤੀ ਜਾਵੇ।