ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਜੁਲਾਈ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਮਾਮਲਿਆਂ ਵਿੱਚ ਤਿੰਨ ਕਿਲੋ ਤੋਂ ਵੱਧ ਹੈਰੋਇਨ ਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ, ਮਨਪ੍ਰੀਤ ਸਿੰਘ ਉਰਫ ਗੋਰਾ, ਅੰਮ੍ਰਿਤਪਾਲ ਸਿੰਘ ਉਰਫ ਪਾਲ, ਲਵਦੀਪ ਸਿੰਘ ਉਰਫ ਲਾਭਾ ਅਤੇ ਹਰਪਾਲ ਸਿੰਘ ਉਰਫ ਭਾਲਾ ਵਜੋਂ ਹੋਈ ਹੈ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਤਿੰਨ ਕਿਲੋ 100 ਗ੍ਰਾਮ ਹੈਰੋਇਨ, ਇੱਕ ਕਾਰ ਅਤੇ 2000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇੱਕ ਮਾਮਲੇ ਵਿੱਚ ਸੁਖਦੇਵ ਸਿੰਘ ਉਰਫ ਸੁੱਖਾ ਵਾਸੀ ਥਾਣਾ ਘਰਿੰਡਾ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ ਦੋ ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੁਖਦੇਵ ਸਰਹੱਦ ਪਾਰੋਂ ਲਗਾਤਾਰ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਦੂਜੇ ਮਾਮਲੇ ਵਿੱਚ ਕਾਬੂ ਕੀਤੇ ਚਾਰ ਤਸਕਰ ਮਨਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਲਵਦੀਪ ਸਿੰਘ ਅਤੇ ਹਰਪਾਲ ਸਿੰਘ ਥਾਣਾ ਖਾਲੜਾ ਹੇਠ ਆਉਂਦੇ ਇੱਕੋ ਪਿੰਡ ਦੇ ਵਾਸੀ ਹਨ। ਇਨ੍ਹਾਂ ਕੋਲੋਂ ਇੱਕ ਕਿਲੋ 50 ਗ੍ਰਾਮ ਹੈਰੋਇਨ, ਦੋ ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਥਾਣਾ ਇਸਲਾਮਾਬਾਦ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਆਪਣੇ ਮਾਮੇ ਗੋਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਸਰਹੱਦ ਪਾਰੋਂ ਨਸ਼ਾ ਤਸਕਰੀ ਦਾ ਨੈਟਵਰਕ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਰਹੱਦ ਨੇੜਲੀਆਂ ਜ਼ਮੀਨਾਂ ਨੂੰ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਸਤੇ ਵਰਤਿਆ ਜਾ ਰਿਹਾ ਸੀ।