ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਘਰਾਂ ’ਚੋਂ ਮਿਲਿਆ ਮੱਛਰਾਂ ਦਾ ਲਾਰਵਾ

ਪ੍ਰਸ਼ਾਸਨ ਨੇ 988 ਪਿੰਡਾਂ ਦੇ 16 ਹਜ਼ਾਰ ਤੋਂ ਵੱਧ ਘਰਾਂ ਵਿੱਚ ਦਵਾਈ ਦਾ ਛਿਡ਼ਕਾਅ ਕਰਵਾਇਆ
ਹੜ੍ਹ ਪ੍ਰਭਾਵਿਤ ਹਲਕਾ ਪੱਟੀ ਦੇ ਪਿੰਡ ਸਬਰਾ ਵਿੱਚ ਫੌਗਿੰਗ ਕਰਦੇ ਹੋਏ ਮੁਲਾਜ਼ਮ।
Advertisement

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਲਈ ਲਗਾਤਾਰ ਬਚਾਅ ਕਾਰਜ ਕੀਤੇ ਜਾ ਰਹੇ ਹਨ। ਇਸ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਘਰ-ਘਰ ਪਹੁੰਚ ਕੇ ਜਾਂਚ ਵੀ ਕੀਤੀ ਜਾ ਰਹੀ ਹੈ। ਅੱਜ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਵੱਲੋਂ 1568 ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ 67 ਹਜ਼ਾਰ ਤੋਂ ਵੱਧ ਘਰਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 1058 ਘਰਾਂ ਵਿੱਚ ਮੱਛਰਾਂ ਦਾ ਲਾਰਵਾ ਮਿਲਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਮੱਛਰਾਂ ਦਾ ਲਾਰਵਾ ਮਿਲਣ ’ਤੇ ਪ੍ਰਸ਼ਾਸਨ ਵੱਲੋਂ ਤੁਰੰਤ 988 ਪਿੰਡਾਂ ਵਿੱਚ 16 ਹਜ਼ਾਰ ਤੋਂ ਵੱਧ ਘਰਾਂ ਦੇ ਆਲੇ-ਦੁਆਲੇ ਲਾਰਵੀਸਾਈਡ ਦਾ ਛਿੜਕਾਅ ਕੀਤਾ ਗਿਆ ਹੈ ਤਾਂ ਜੋ ਮੱਛਰਾਂ ਦੇ ਲਾਰਵੇ ਨੂੰ ਨਸ਼ਟ ਕੀਤਾ ਜਾ ਸਕੇ। ਇਸ ਤੋਂ ਇਲਾਵਾ ਫੌਗਿੰਗ ਵੀ ਕਰਵਾਈ ਜਾ ਰਹੀ ਹੈ।

ਸਿਹਤ ਵਿਭਾਗ ਵੱਲੋਂ ਪੰਜਾਬ ਦੇ 920 ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਗਏ ਹਨ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨੇ 18,247 ਮਰੀਜ਼ਾਂ ਦੀ ਜਾਂਚ ਕੀਤੀ ਹੈ। ਇਨ੍ਹਾਂ ਵਿੱਚੋਂ 2120 ਮਰੀਜ਼ ਬੁਖਾਰ ਦੇ ਸਨ। ਇਸੇ ਤਰ੍ਹਾਂ 409 ਪੇਚਿਸ਼, 2260 ਚਮੜੀ ਰੋਗ ਅਤੇ 1013 ਨੂੰ ਅੱਖਾਂ ਦੀ ਲਾਗ ਪਾਈ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਨੇ ਇਨ੍ਹਾਂ ਮਰੀਜ਼ਾਂ ਦਾ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਵੱਲੋਂ ਵੀ ਘਰ-ਘਰ ਪਹੁੰਚ ਕੇ ਲੋਕਾਂ ਦੀ ਜਾਂਚ ਕੀਤੀ ਗਈ ਹੈ। ਆਸ਼ਾ ਵਰਕਰਾਂ ਨੇ ਅੱਜ 1479 ਪਿੰਡਾਂ ਵਿੱਚ 71,232 ਘਰਾਂ ਦਾ ਦੌਰਾ ਕੀਤਾ ਹੈ। ਇਸ ਦੌਰਾਨ 1417 ਬੁਖ਼ਾਰ ਦੇ ਮਰੀਜ਼ ਪਾਏ ਗਏ। ਇਨ੍ਹਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਦਿੱਤੀ ਗਈ ਹੈ। ਆਸ਼ਾ ਵਰਕਰਾਂ ਨੇ 26,189 ਘਰਾਂ ਵਿੱਚ ਸਿਹਤ ਕਿੱਟਾਂ ਵੰਡੀਆਂ ਹਨ।

Advertisement

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਸਾਰੇ 2300 ਤੋਂ ਵੱਧ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਬਿਮਾਰ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸੂਬਾ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਵੱਖ-ਵੱਖ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਲੋਕਾਂ ਦੇ ਘਰਾਂ ਦੀ ਚੈਕਿੰਗ ਕਰ ਕੇ ਮੱਛਰਾਂ ਦੇ ਲਾਰਵੇ ਤੋਂ ਫੈਲਣ ਵਾਲੀਆਂ ਬਿਮਾਰੀਆਂ ’ਤੇ ਨੱਥ ਪਾਉਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ।

Advertisement
Show comments