ਪੁੱਤਰ ਖ਼ਿਲਾਫ਼ ਦਰਜ ਕੇਸ ਦੇ ਰੋਸ ਵਜੋਂ ਮਾਂ ਟਾਵਰ ’ਤੇ ਚੜ੍ਹੀ
ਪਰਿਵਾਰ ਨੇ ਪੁਲੀਸ ’ਤੇ ਨਸ਼ਾ ਤਸਕਰੀ ਦਾ ਝੂਠਾ ਕੇਸ ਦਰਜ ਕਰਨ ਦੇ ਦੋਸ਼ ਲਾਏ; ਜਾਂਚ ਦੀ ਮੰਗ
ਜੋਗਿੰਦਰ ਸਿੰਘ ਮਾਨ
ਸਰਦੂਲਗੜ੍ਹ ਪੁਲੀਸ ਨੇ ਨੌਜਵਾਨ ਖ਼ਿਲਾਫ਼ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਹੈ। ਇਸ ਦੇ ਰੋਸ ਵਜੋਂ ਨੌਜਵਾਨ ਦੀ ਮਾਂ ਆਪਣੇ ਪੋਤਰੇ ਸਣੇ ਮੋਬਾਈਲ ਟਾਵਰ ਉੱਤੇ ਚੜ੍ਹ ਗਈ।
ਔਰਤ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਪੁਲੀਸ ਨੇ ਝੂਠਾ ਕੇਸ ਦਰਜ ਕੀਤਾ ਹੈ। ਲੋਕਾਂ ਨੇ ਮੁਸ਼ਕਲ ਨਾਲ ਦੋਵਾਂ ਨੂੰ ਟਾਵਰ ਤੋਂ ਹੇਠਾਂ ਉਤਾਰਿਆ। ਇਸ ਮਗਰੋਂ ਪੀੜਤ ਪਰਿਵਾਰ ਨੇ ਮੁਹੱਲਾ ਵਾਸੀਆਂ ਨੂੰ ਨਾਲ ਲੈ ਕੇ ਥਾਣੇ ਅੱਗੇ ਧਰਨਾ ਲਗਾ ਦਿੱਤਾ।
ਪੀੜਤ ਨੌਜਵਾਨ ਗੁਰਪਿਆਰ ਸਿੰਘ ਦੀ ਮਾਤਾ ਜਸਵੀਰ ਕੌਰ ਕਿਹਾ ਕਿ ਪੁਲੀਸ ਉਨ੍ਹਾਂ ਦੇ ਪੁੱਤਰ ਨੂੰ ਪੁੱਛ-ਪੜਤਾਲ ਕਰਨ ਦੀ ਗੱਲ ਆਖ ਕੇ ਘਰੋਂ ਲੈ ਕੇ ਗਈ ਸੀ। ਉਸ ਕੋਲੋਂ ਕੋਈ ਨਸ਼ਾ ਬਰਾਮਦ ਨਹੀਂ ਸੀ ਹੋਇਆ। ਪੁਲੀਸ ਨੇ ਉਸ ਖ਼ਿਲਾਫ਼ ਝੂਠਾ ਕੇਸ ਦਰਜ ਕਰ ਕੀਤਾ ਹੈ। ਵਾਰਡ ਦੇ ਕੌਂਸਲਰ ਵੀਨਾ ਰਾਣੀ ਅਤੇ ਉਸ ਦੇ ਪਤੀ ਵਰਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਬੇਕਸੂਰ ਨੌਜਵਾਨ ਨੂੰ ਨਸ਼ੇ ਦੇ ਕੇਸ ਵਿੱਚ ਫਸਾ ਰਹੀ ਹੈ। ਜਦੋਂ ਤੱਕ ਇਹ ਕੇਸ ਰੱਦ ਨਹੀਂ ਕੀਤਾ ਜਾਂਦਾ, ਪ੍ਰਦਰਸ਼ਨ ਜਾਰੀ ਰਹੇਗਾ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਪੜਤਾਲ ਹੋਣੀ ਚਾਹੀਦੀ ਹੈ।
ਜੇ ਨਸ਼ੇ ਦੀ ਬਰਾਮਦਗੀ ਹੋਈ ਹੈ ਤਾਂ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇ। ਜਸਵੀਰ ਕੌਰ ਅਤੇ ਮੁਹੱਲਾ ਵਾਸੀਆਂ ਨੇ ਉਨ੍ਹਾਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਇਹ ਸਾਰਾ ਮਾਮਲਾ ਫ਼ਰਜ਼ੀ ਬਣਾਇਆ ਗਿਆ ਹੈ। ਉਨ੍ਹਾਂ ਦੇ ਲੜਕੇ ਦੀ ਨਸ਼ਾ ਤਸਕਰੀ ਵਿੱਚ ਕੋਈ ਸ਼ਮੂਲੀਅਤ ਨਹੀਂ ਹੈ। ਵਰਿੰਦਰ ਸਿੰਘ ਨੇ ਦੱਸਿਆ ਕਿ ਡੀ ਐੱਸ ਪੀ ਮਨਜੀਤ ਸਿੰਘ ਨੇ ਇਸ ਮਾਮਲੇ ਦੀ ਜਾਂਚ-ਪੜਤਾਲ ਕਰ ਕੇ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਹੈ। ਇਸ ਤੋਂ ਬਾਅਦ ਧਰਨਾ ਚੁੱਕਾ ਲਿਆ ਗਿਆ ਹੈ।
ਨੌਜਵਾਨ ਕੋਲੋਂ ਨਸ਼ੀਲੀਆਂ ਗੋਲੀਆਂ ਮਿਲੀਆਂ: ਥਾਣਾ ਮੁਖੀ
ਥਾਣਾ ਮੁਖੀ ਪੁਸ਼ਿਵੰਦਰ ਕੌਰ ਨੇ ਕਿਹਾ ਕਿ ਪੁਲੀਸ ਵੱਲੋਂ ਛਾਪੇ ਦੌਰਾਨ ਨੌਜਵਾਨ ਗੁਰਪਿਆਰ ਸਿੰਘ ਕੋਲੋਂ ਨਸ਼ੀਲੀਆਂ ਗੋਲੀਆਂ ਮਿਲੀਆਂ ਹਨ। ਉਸ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਗੁਰਪਿਆਰ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਕੇਸ ਦਰਜ ਹਨ। ਪੁਲੀਸ ਨਿਰਪੱਖ ਹੋ ਕੇ ਕਾਰਵਾਈ ਕਰ ਰਹੀ ਹੈ ਅਤੇ ਪਰਿਵਾਰ ਵੱਲੋਂ ਝੂਠੀ ਕਾਰਵਾਈ ਕਰਨ ਦੇ ਲਾਏ ਦੋਸ਼ ਬੇਬੁਨਿਆਦ ਹਨ।

