ਸਤਵਿੰਦਰ ਬਸਰਾ
ਲੁਧਿਆਣਾ, 16 ਫਰਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਵਲੋਂ ਸਾਕਾ ਨਨਕਾਣਾ ਸਾਹਿਬ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਕਰਵਾਏ ਗਏ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਨੌਜਵਾਨਾਂ ਨੂੰ ਸੱਚ ਦੇ ਰਾਹ ’ਤੇ ਚੱਲਦਿਆਂ ਵਧੀਆ ਇਨਸਾਨ ਬਣਨ ਲਈ ਪ੍ਰੇਰਿਆ। ਕਾਲਜ ਆਡੀਟੋਰੀਅਮ ਵਿੱਚ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੀਆਂ ਸਾਰੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕਵਿਤਾ, ਕਵੀਸ਼ਰੀ, ਵਾਰਾਂ ਅਤੇ ਭਾਸ਼ਣ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਪਿੰਦਰਪਾਲ ਸਿੰਘ ਨੇ ਸਾਕਾ ਨਨਕਾਣਾ ਸਾਹਿਬ ਦੇ ਸੰਦਰਭ ਵਿੱਚ ਕਥਾ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਕਾਲਜ ਦੇ ਸਾਬਕਾ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਧਰਮ ਪ੍ਰਚਾਰ ਕਮੇਟੀ, ਐਸਜੀਪੀਸੀ ਅਤੇ ਸਿੱਖ ਬੁੱਕ ਟਰੱਸਟ ਇੰਟਰਨੈਸ਼ਨਲ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪੁਸਤਕ ਪ੍ਰਦਰਸ਼ਨੀ ਅਤੇ ਸਾਕਾ ਨਨਕਾਣਾ ਸਾਹਿਬ ਤੇ ਸਿੱਖ ਇਤਿਹਾਸ ਨੂੰ ਦਰਸਾਉਂਦੀਆਂ ਚਿੱਤਰ ਪ੍ਰਦਰਸ਼ਨੀਆਂ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀਆਂ।