ਪੰਜਾਬ ਤੇ ਹਰਿਆਣਾ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਪਿਛਲੇ ਦਿਨੀਂ ਬਰਫ਼ ਪੈਣ ਕਰ ਕੇ ਪਹਾੜੀ ਇਲਾਕੇ ਦੀਆਂ ਹਵਾਵਾਂ ਨੇ ਮੈਦਾਨੀ ਇਲਾਕੇ ਠਾਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਕਾਰਨ ਪੰਜਾਬ ਵਿੱਚ ਵੀ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ ਪਰ ਦਿਨ ਸਮੇਂ ਧੁੱਪ ਖਿੜਣ ਕਰ ਕੇ ਬਚਾਅ ਰਹਿੰਦਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਸਵੇਰ ਤੇ ਸ਼ਾਮ ਸਮੇਂ ਠੰਢੀਆਂ ਹਵਾਵਾਂ ਕਰ ਕੇ ਠੰਢ ਨੇ ਜ਼ੋਰ ਫੜ ਲਿਆ ਹੈ। ਅੱਜ ਪੰਜਾਬ ਵਿੱਚ ਫ਼ਰੀਦਕੋਟ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ ਅੱਠ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਦਰਜਨ ਸ਼ਹਿਰਾਂ ਵਿੱਚ ਘੱਟੋਂ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ ਅਗਲੇ ਦੋ-ਤਿੰਨ ਦਿਨ ਠੰਢ ਦੇ ਜ਼ੋਰ ਫੜਨ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 10.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 9.2 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 9.8 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 8.5 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 8.8 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 10 ਡਿਗਰੀ ਸੈਲਸੀਅਸ, ਫ਼ਿਰੋਜ਼ਪੁਰ ਵਿੱਚ 9.1 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 9.5 ਡਿਗਰੀ ਸੈਲਸੀਅਸ, ਮਾਨਸਾ ਵਿੱਚ 10.4 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 14.2 ਡਿਗਰੀ ਸੈਲਸੀਅਸ, ਰੋਪੜ ਵਿੱਚ 10.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸ ਦੇ ਨਾਲ ਹੀ ਹੋਰ ਕਈ ਸ਼ਹਿਰਾਂ ਦਾ ਤਾਪਮਾਨ ਵੀ 8 ਤੋਂ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਵਰਣਨਯੋਗ ਹੈ ਕਿ ਪੰਜਾਬ ਤੇ ਹਰਿਆਣਾ ਵਿੱਚ ਖੁਸ਼ਕ ਠੰਢ ਤੇ ਗੰਧਲੀ ਹਵਾ ਕਾਰਨ ਲੋਕ ਬਿਮਾਰ ਵੀ ਪੈ ਰਹੇ ਹਨ। ਗਲੇ ਖਰਾਬ, ਖਾਂਸੀ ਤੇ ਜ਼ੁਕਾਮ ਦੇ ਮਾਮਲੇ ਵੱਧ ਰਹੇ ਹਨ। ਇਸ ਕਾਰਨ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਬਿਮਾਰਾਂ ਦੀ ਭੀੜ ਵੱਧ ਰਹੀ ਹੈ। ਡਾਕਟਰਾਂ ਨੇ ਲੋਕਾਂ ਨੂੰ ਮੂੰਹ ਢੱਕ ਕੇ ਘਰੋਂ ਨਿਕਲਣ ਦੀ ਸਲਾਹ ਦਿੱਤੀ ਹੈ।
ਹਰਿਆਣਾ ਤੇ ਚੰਡੀਗੜ੍ਹ ਲਈ ਯੈਲੋ ਅਲਰਟ
ਮੌਸਮ ਵਿਭਾਗ ਨੇ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ ਚਾਰ ਦਿਨਾਂ ਲਈ ਠੰਢੀਆਂ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਮੌਸਮ ਵਿਗਿਆਨੀਆਂ ਨੇ 12 ਤੋਂ 15 ਨਵੰਬਰ ਤੱਕ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 3-4 ਦਿਨ ਠੰਢੀਆਂ ਹਵਾਵਾਂ ਚੱਲਣ ਕਰ ਕੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।

