ਪਰਮਜੀਤ ਸਿੰਘ
ਫਾਜ਼ਿਲਕਾ, 16 ਅਕਤੂਬਰ
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਭਾਵੇਂ ਸੰਯੁਕਤ ਕਿਸਾਨ ਮੋਰਚੇ ਨੇ ਸਿਆਸੀ ਧਿਰਾਂ ਨੂੰ ਸਰਗਰਮੀਆਂ ਨਾ ਕਰਨ ਦੀ ਸਲਾਹ ਦਿੱਤੀ ਹੈ ਪਰ ਸੱਤਾਧਾਰੀ ਧਿਰ ਸਣੇ ਵਿਰੋਧੀ ਪਾਰਟੀਆਂ ਵੱਲੋਂ ਪਿੰਡਾਂ ਵਿੱਚ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਹਾਲਾਂਕਿ ਇਸ ਦੌਰਾਨ ਕਾਂਗਰਸ ਦੇ ਆਗੂਆਂ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਪਿੰਡਾਂ ਵਿੱਚ ਵਿਰੋਧ ਦਾ ਸਾਹਮਣਾ ਵੀ ਕਰਨਾ ਪੈ ਰਿਹਾ।
ਇਸੇ ਤਹਿਤ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰਾਣਾ ਵਿੱਚ ਪੁੱਜੇ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਲੋਕਾਂ ਨੇ ਮੁੜ ਵਿਰੋਧ ਕੀਤਾ। ਇਸ ਤੋਂ ਪਹਿਲਾਂ ਵੀ ਕਾਂਗਰਸੀ ਵਿਧਾਇਕ ਘੁਬਾਇਆ ਦਾ ਵੱਖ ਵੱਖ ਪਿੰਡਾਂ ਵਿੱਚ ਵਿਰੋਧ ਹੋ ਚੁੱਕਿਆ ਹੈ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਅਮਰਜੀਤ ਸਿੰਘ ਨੇ ਦੱਸਿਆ ਕਿ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਉਨ੍ਹਾਂ ਦੇ ਪਿੰਡ ਕਾਂਗਰਸੀ ਆਗੂ ਦੇ ਘਰ ਮੁਲਾਕਾਤ ਲਈ ਪੁੱਜੇ ਸਨ, ਜਿਸ ਦਾ ਪਤਾ ਲੱਗਦਿਆਂ ਹੀ ਮੌਕੇ ’ਤੇ ਪਿੰਡ ਵਾਸੀਆਂ ਨੇ ਉਨ੍ਹਾਂ ਤੋਂ ਵਾਅਦਾਖ਼ਿਲਾਫ਼ੀ ਸਬੰਧੀ ਸੁਆਲ ਪੁੱਛਣ ਦਾ ਪ੍ਰੋਗਰਾਮ ਉਲੀਕਿਆ। ਇਸ ਮੌਕੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਵਿਧਾਇਕ ਘੁਬਾਇਆ ਉੱਥੋਂ ਖਿਸਕਣ ਲੱਗੇ ਅਤੇ ਵਿਧਾਇਕ ਨੇ ਪੁਲੀਸ ਮੁਲਾਜ਼ਮਾਂ ਨੂੰ ਨਾਦਰਸ਼ਾਹੀ ਹੁਕਮ ਦਿੰਦਿਆਂ ਪਿੰਡ ਵਾਸੀਆਂ ਨੂੰ ਪਾਸੇ ਹਟਾਉਣ ਲਈ ਕਿਹਾ।
ਵਿਧਾਇਕ ਘੁਬਾਇਆ ਲੋਕਾਂ ਦੇ ਸੁਆਲਾਂ ਦੇ ਜੁਆਬ ਦੇਣ ਦੀ ਬਜਾਏ ਉਥੋਂ ਚਲੇ ਗਏ। ਕਿਸਾਨ ਆਗੂ ਨੇ ਕਿਹਾ ਕਿ ਜਦੋਂ ਲੋਕ ਸਿਆਸੀ ਆਗੂਆਂ ਨੂੰ ਜ਼ਿੰਮੇਵਾਰੀ ਸੌਂਪਦੇ ਹਨ ਤਾਂ ਉਨ੍ਹਾਂ ਦੀ ਕਾਰਜਸ਼ੈਲੀ ’ਤੇ ਸੁਆਲ ਕਰਨਾ ਵੀ ਲੋਕਾਂ ਦਾ ਹੱਕ ਹੈ। ਉਨ੍ਹਾਂ ਪਿੰਡ ਵਾਸੀਆਂ ਨਾਲ ਧੱਕਾ-ਮੁੱਕੀ ਕਰਨ ’ਤੇ ਪੁਲੀਸ ਮੁਲਾਜ਼ਮਾਂ ਦੀ ਵੀ ਨਿਖੇਧੀ ਕੀਤੀ।