ਕਰਮਜੀਤ ਸਿੰਘ ਚਿੱਲਾ
ਬਨੂੜ, 9 ਮਾਰਚ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ-ਏਕਤਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਉਪਰੰਤ ਦੇਸ਼ ਦੇ ਕਿਸਾਨ ਖੇਤੀਬਾੜੀ ਅਤੇ ਜਨਤਕ ਖੇਤਰਾਂ ਨੂੰ ਬਚਾਉਣ ਲਈ ਭਾਰਤ ਨੂੰ ਗੈਟ ਦੀ ਮੈਂਬਰੀ ਤੋਂ ਬਾਹਰ ਲਿਆਉਣ ਲਈ ਸੰਘਰਸ਼ ਵਿੱਢਣਗੇ। ਉਹ ਅੱਜ ਬਾਅਦ ਦੁਪਹਿਰ ਇੱਥੋਂ ਰਾਜਪੁਰਾ ਨੂੰ ਜਾਂਦੀ ਕੌਮੀ ਮਾਰਗ ਉੱਤੇ ਪੈਂਦੇ ਪਿੰਡ ਜਾਂਸਲਾ ਵਿੱਚ ਕਿਸਾਨ ਇਕੱਤਰਤਾ ਵਿੱਚ ਜੁੜੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਨਰਿੰਦਰ ਤੋਮਰ ਉੱਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਤੇ ਭਾਰਤ ਦੇ ਸਮੁੱਚੇ ਕੁਦਰਤੀ ਸੋਮੇ ਕਾਰਪੋਰੇਟਾਂ ਦੇ ਹਵਾਲੇ ਕਰਨਾ ਚਾਹੁੰਦੀ ਹੈ ਤੇ ਕਿਸਾਨ ਕਿਸੇ ਵੀ ਕੀਮਤ ਉੱਤੇ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰ ਐੱਫਸੀਆਈ ਨੂੰ ਖ਼ਤਮ ਕਰਕੇ ਸਰਕਾਰੀ ਮੰਡੀ ਨੂੰ ਖ਼ਤਮ ਕਰਨ ਲਈ ਪ੍ਰਾਈਵੇਟ ਮੰਡੀ ਲਿਆਉਣਾ ਚਾਹੁੰਦੀ ਹੈ ਤੇ ਇਹ ਸਭ ਕੁੱਝ ਐੱਮਐੱਸਪੀ ਨੂੰ ਖ਼ਤਮ ਕਰਨ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟਾਂ, ਵਿਸ਼ਵ ਬੈਂਕ ਅਤੇ ਗੈਟ ਦੇ ਦਬਾਅ ਅਧੀਨ ਕੰਮ ਕਰ ਰਹੀ ਹੈ ਅਤੇ ਭਾਰਤ ਨੂੰ ਗੈਟ ਤੋਂ ਬਾਹਰ ਕਰਨ ਲਈ ਦੇਸ਼ ਭਰ ਵਿੱਚ ਕਿਸਾਨ ਤੇ ਹੋਰ ਜਨ ਸਮੂਹ ਇਕਜੁੱਟ ਹੋ ਰਹੇ ਹਨ। ਉਨ੍ਹਾਂ ਲੋਕਾਂ ਨੂੰ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਪਿਛਲੇ ਸੌ ਦਿਨਾਂ ਦੇ ਸੰਘਰਸ਼ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਨੌਜਵਾਨਾਂ ਨੂੰ ਕਿਸਾਨ ਸੰਘਰਸ਼ ਦੀ ਲਾਮਬੰਦੀ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਸੰਘਰਸ਼ ਦੀ ਸਫ਼ਲਤਾ ਲਈ ਵੱਡੇ ਉਪਰਾਲਿਆਂ ਦੀ ਲੋੜ ’ਤੇ ਜ਼ੋਰ ਦਿੱਤਾ। ਇਕੱਠ ਨੂੰ ਪੰਜਾਬੀ ਯੂਨੀਵਰਸਿਟੀ ਦੇ ਡਾ ਬਲਵਿੰਦਰ ਸਿੰਘ ਟਿਵਾਣਾ, ਮਿਹਰ ਸਿੰਘ ਥੇੜੀ, ਧਰਮਪਾਲ ਸੀਲ, ਲਖਵਿੰਦਰ ਸਿੰਘ ਕਰਾਲਾ, ਸੁਰਿੰਦਰ ਸਿੰਘ ਚੰਡੀਗੜ੍ਹ, ਜਗਜੀਤ ਸਿੰਘ ਛੜਬੜ੍ਹ, ਬਾਬਾ ਦਿਲਬਾਗ ਸਿੰਘ, ਕਾਮਰੇਡ ਸੱਤਪਾਲ ਰਾਜੋਮਾਜਰਾ ਨੇ ਸੰਬੋਧਨ ਕੀਤਾ। ਇਸ ਮੌਕੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮਿੰਟੂ ਧੂਰੀ-ਦਲਜੀਤ ਕੌਰ, ਬਿਲ ਸਿੰਘ ਗਾਇਕਾਂ ਨੇ ਕਿਸਾਨੀ ਗੀਤ ਪੇਸ਼ ਕੀਤੇ। ਇਸ ਮੌਕੇ ਹਰਜਿੰਦਰ ਸਿੰਘ ਥੂਹਾ, ਗਗਨਦੀਪ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਕਿਸਾਨ ਆਗੂਆਂ ਦਾ ਸਨਮਾਨ ਕੀਤਾ ਗਿਆ।
‘ਸਾਡੀ ਯੂਨੀਅਨ ਕਿਸੇ ਚੋਣ ਵਿੱਚ ਹਿੱਸਾ ਨਹੀਂ ਲਵੇਗੀ’
ਜਗਜੀਤ ਸਿੰਘ ਡੱਲੇਵਾਲ ਨੇ ਇਸ ਮੌਕੇ ਐਲਾਨ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ-ਏਕਤਾ ਪੰਜਾਬ ਵਿੱਚ ਹੋਣ ਵਾਲੀ ਕਿਸੇ ਵੀ ਚੋਣ ਵਿੱਚ ਹਿੱਸਾ ਨਹੀਂ ਲਵੇਗੀ। ਉਨ੍ਹਾਂ ਕਿਹਾ ਕਿ ਨਾ ਹੀ ਉਨ੍ਹਾਂ ਦੀ ਯੂਨੀਅਨ ਕਿਸੇ ਵਿਅਕਤੀ ਨੂੰ ਕਿਸੇ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਲਈ ਕਹੇਗੀ ਪਰ ਭਾਜਪਾ ਦਾ ਡਟ ਕੇ ਵਿਰੋਧ ਕਰੇਗੀ।