ਜਸਵੰਤ ਜੱਸ
ਫ਼ਰੀਦਕੋਟ 17 ਜੁਲਾਈ
ਜ਼ਿਲ੍ਹੇ ਦੇ ਕਿਸਾਨਾਂ ਨੇ ਅੱਜ ਇੱਥੇ ਫ਼ਰੀਦਕੋਟ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੂੰ ਮਿਲ ਕੇ ਉਨ੍ਹਾਂ ਨੂੰ ਇਕ ਯਾਦ ਪੱਤਰ ਸੌਂਪਿਆ ਅਤੇ ਤਾਕੀਦ ਕੀਤੀ ਕਿ ਲੋਕ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਉਹ ਲੋਕ ਸਭਾ ਵਿੱਚ ਹਾਜ਼ਰ ਰਹਿਣ, ਉਥੇ ਕਿਸਾਨਾਂ ਦੇ ਮੁੱਦੇ ਉਠਾਉਣ ਅਤੇ ਭਾਰਤ ਸਰਕਾਰ ’ਤੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਦਬਾਅ ਪਾਉਣ। ਕਿਸਾਨ ਆਗੂ ਗਮਦੂਰ ਸਿੰਘ, ਰਾਜਬੀਰ ਸਿੰਘ ਤੇ ਨਿਰਮਲ ਸਿੰਘ ਮਾਣੂੰਕੇ ਨੇ ਕਿਹਾ ਕਿ ਜੇਕਰ ਕੋਈ ਵੀ ਸੰਸਦ ਮੈਂਬਰ ਸੈਸ਼ਨ ਦਾ ਬਾਈਕਾਟ ਕਰਕੇ ਬਾਹਰ ਆਉਂਦਾ ਹੈ ਜਾਂ ਸੈਸ਼ਨ ਵਿੱਚੋਂ ਗੈਰਹਾਜ਼ਰ ਰਹਿੰਦਾ ਹੈ ਤਾਂ ਉਨ੍ਹਾਂ ਦਾ ਵੀ ਭਾਜਪਾ ਆਗੂਆਂ ਵਾਂਗ ਵਿਰੋਧ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਜਨਤਕ ਥਾਂਵਾਂ ’ਤੇ ਬੋਲਣ ਨਹੀਂ ਦਿੱਤਾ ਜਾਵੇਗਾ। ਸੰਸਦ ਮੈਂਬਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਲੋਕ ਸਭਾ ਵਿੱਚ ਕਿਸਾਨਾਂ ਦੇ ਮੁੱਦੇ ਜ਼ਰੂਰ ਉਠਾਉਣਗੇ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਆਗੂਆਂ ਦੇ ਗ਼ਲ ਨਾ ਪੈਣ, ਇਸ ਨਾਲ ਅਮਨ ਕਾਨੂੰਨ ਦੀ ਸਥਿਤੀ ਖ਼ਰਾਬ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੰਘਰਸ਼ ਕਰਨ ਦਾ ਪੂਰਾ ਅਧਿਕਾਰ ਹੈ ਪਰ ਸਿਆਸੀ ਆਗੂਆਂ ਨਾਲ ਬਦਸਲੂਕੀ ਤੋਂ ਬਚਣਾ ਚਾਹੀਦਾ ਹੈ।
ਕਿਸਾਨ ਜਥੇਬੰਦੀਆਂ ਨੇ ਹਰਸਿਮਰਤ ਨੂੰ ਚਿਤਾਵਨੀ ਪੱਤਰ ਭੇਜਿਆ
ਮਾਨਸਾ (ਜੋਗਿੰਦਰ ਸਿੰਘ ਮਾਨ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ਮਾਨਸਾ ਤੋਂ ਰੈਲੀ ਕਰਕੇ ਸ਼ਹਿਰ ਵਿੱਚ ਰੋਸ ਮਾਰਚ ਕਰਨ ਉਪਰੰਤ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਰਾਹੀਂ ਚਿਤਾਵਨੀ ਪੱਤਰ ਭੇਜਿਆ ਗਿਆ। ਇਸ ਤੋਂ ਪਹਿਲਾਂ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਇਹ ਚਿਤਾਵਨੀ ਪੱਤਰ ਦੇ ਕੇ ਪਾਰਲੀਮੈਂਟ ਦੇ ਮੌਨਸੂਨ ਸੈਸ਼ਨ ਵਿੱਚ ਸੰਸਦ ਮੈਂਬਰ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਲੋਕ ਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜ਼ੋਰ ਨਾਲ ਆਵਾਜ਼ ਉਠਾਉਣ।