ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਨਵੰਬਰ
ਮਾਲ ਮੰਤਰੀ ਅਰੁਣਾ ਚੌਧਰੀ ਨੇ ਹਰੇਕ ਫ਼ਸਲ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਮੰਗ ਕਰ ਰਹੇ ਕਿਸਾਨਾਂ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਐੱਮਐੱਸਪੀ ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾਵੇ ਅਤੇ ਇਸ ਮੁੱਦੇ ਉੱਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਸਥਾਰ ਨਾਲ ਬਹਿਸ ਹੋਵੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਇਸ ਮੁੱਦੇ ’ਤੇ ਬਹਿਸ ਕਰਨ ਤੋਂ ਡਰ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਕੋਈ ਵੀ ਅਧਿਕਾਰ ਦੇਣ ਤੋਂ ਝਿਜਕਦੀ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਲਈ ਹਰੇਕ ਫ਼ਸਲ ਉੱਤੇ ਐੱਮਐੱਸਪੀ ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ।