ਕਰਮਜੀਤ ਸਿੰਘ ਚਿੱਲਾ
ਬਨੂੜ, 31 ਮਾਰਚ
ਸੰਯੁਕਤ ਕਿਸਾਨ ਮੋਰਚੇ ਵੱਲੋਂ ਆਗਾਮੀ 11 ਤੋਂ 17 ਅਪਰੈਲ ਤੱਕ ਦੇਸ਼ ਭਰ ਵਿੱਚ ਐੱਮਐੱਸਪੀ ਹਫ਼ਤਾ ਮਨਾਇਆ ਜਾਵੇਗਾ। ਇਸ ਹਫ਼ਤੇ ਦੌਰਾਨ ਦੇਸ਼ ਭਰ ਵਿੱਚ ਸੈਮੀਨਾਰ, ਰੈਲੀਆਂ ਤੇ ਮੀਟਿੰਗਾਂ ਕਰ ਕੇ ਫ਼ਸਲਾਂ ਦੀਆਂ ਕੇਂਦਰ ਵੱਲੋਂ ਨਿਰਧਾਰਿਤ ਕੀਤੀਆਂ ਜਾਂਦੀਆਂ ਕੀਮਤਾਂ ਅਨੁਸਾਰ ਖ਼ਰੀਦ ਯਕੀਨੀ ਬਣਾਉਣ ਲਈ ਕਿਸਾਨਾਂ ਅਤੇ ਦੇਸ਼ ਵਾਸੀਆਂ ਨੂੰ ਲਾਮਬੰਦ ਕੀਤਾ ਜਾਵੇਗਾ। ਇਹ ਐਲਾਨ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਰਾਕੇਸ਼ ਟਿਕੈਤ ਨੇ ਇੱਥੇ ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟ ਵੱਲੋਂ ਅੱਜ ਕਰਵਾਏ ਗਏ ਕਿਸਾਨ ਮੇਲੇ ਵਿੱਚ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਮੋਰਚੇ ਦੇ ਆਗੂ ਡਾ. ਦਰਸ਼ਨ ਪਾਲ ਅਤੇ ਹਰਿੰਦਰ ਸਿੰਘ ਲੱਖੋਵਾਲ ਵੀ ਮੌਜੂਦ ਸਨ।
ਸ੍ਰੀ ਟਿਕੈਤ ਨੇ ਦੱਸਿਆ ਕਿ ਕੇਂਦਰ ਕੋਲੋਂ ਐੱਮਐੱਸਪੀ ਸਬੰਧੀ ਕਾਨੂੰਨ ਬਣਵਾਉਣ ਤੇ ਕਿਸਾਨਾਂ ਦੀਆਂ ਹੋਰ ਮੰਗਾਂ ਸਬੰਧੀ ਸਯੁੰਕਤ ਕਿਸਾਨ ਮੋਰਚਾ ਪੂਰੀ ਤਨਦੇਹੀ ਨਾਲ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਤੇਲ ਦੀਆਂ ਨਿੱਤ ਦਿਨ ਵੱਧ ਰਹੀਆਂ ਕੀਮਤਾਂ ਅਤੇ ਟੌਲ ਪਲਾਜ਼ਿਆਂ ਦੀਆਂ ਵਧਾਈਆਂ ਦਰਾਂ ਨਿੰਦਣਯੋਗ ਹਨ। ਸ੍ਰੀ ਟਿਕੈਤ ਨੇ ਲੰਬੀ ਵਿੱਚ ਕਿਸਾਨਾਂ ’ਤੇ ਲਾਠੀਚਾਰਜ, ਬੀਬੀਐੱਮਬੀ ਅਤੇ ਚੰਡੀਗੜ੍ਹ ਵਿੱਚੋਂ ਪੰਜਾਬ ਨੂੰ ਬਾਹਰ ਕਰਨ ਸਬੰਧੀ ਲਏ ਜਾ ਰਹੇ ਫ਼ੈਸਲਿਆਂ ਦੀ ਨਿਖੇਧੀ ਕੀਤੀ। ਉਨ੍ਹਾਂ ਪੰਜਾਬ ਨੂੰ ਕੇਂਦਰੀ ਪੂਲ ਤੋਂ ਬਿਜਲੀ ਨਾ ਦੇਣ ਦੇ ਫ਼ੈਸਲੇ ਅਤੇ ਪ੍ਰੀ-ਪੇਡ ਮੀਟਰਾਂ ਦਾ ਵੀ ਵਿਰੋਧ ਕੀਤਾ। ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨ ਮੰਗਾਂ ਤੋਂ ਜਾਣੂ ਕਰਾਉਣ ਅਤੇ ਮੰਗ ਪੱਤਰ ਦੇਣ ਲਈ ਸਮਾਂ ਮੰਗਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਰਚੇ ਵੱਲੋਂ ਇਸ ਸਬੰਧੀ ਲਿਖ਼ਤੀ ਪੱਤਰ ਅੱਜ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਅਤੇ ਸਮਾਂ ਮਿਲਦਿਆਂ ਹੀ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਕੇ ਕਿਸਾਨੀ ਮੰਗਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ। ਇਸ ਮੌਕੇ ਲੱਖੋਵਾਲ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਆਖਿਆ ਕਿ ਪੰਜਾਬ ਸਰਕਾਰ ਨੂੰ ਸੂਰਜਮੁਖੀ ਅਤੇ ਸਰ੍ਹੋਂ ਦੀ ਫ਼ਸਲ ਸਰਕਾਰੀ ਕੀਮਤ ਉੱਤੇ ਖ਼ਰੀਦਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਫ਼ਸਲ ਨਿਰਧਾਰਿਤ ਕੀਮਤ ਤੋਂ ਘੱਟ ਕੀਮਤ ’ਤੇ ਖ਼ਰੀਦੀ ਗਈ ਤਾਂ ਸੰਯੁਕਤ ਕਿਸਾਨ ਮੋਰਚਾ ਇਸ ਦਾ ਵਿਰੋਧ ਕਰੇਗਾ ਅਤੇ ਸੰਘਰਸ਼ ਕੀਤਾ ਜਾਵੇਗਾ। ਕਿਸਾਨ ਮੇਲੇ ਵਿੱਚ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਇੱਕਜੁੱਟ ਹੋ ਕੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਜਾਰੀ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਸਵਾਈਟ ਗਰੁੱਪ ਦੇ ਪ੍ਰਧਾਨ ਅਸ਼ੋਕ ਗਰਗ ਅਤੇ ਚੇਅਰਮੈਨ ਅਸ਼ਵਨੀ ਗਰਗ ਦੀ ਅਗਵਾਈ ਹੇਠ ਕਿਸਾਨ ਆਗੂਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਰਾਜੇਵਾਲ ਨੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਖੜ੍ਹਨ ਵਾਸਤੇ ਪ੍ਰੇਰਿਆ
ਐਸ.ਏ.ਐਸ. ਨਗਰ (ਮੁਹਾਲੀ) (ਦਰਸ਼ਨ ਸਿੰਘ ਸੋਢੀ): ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਪੰਜਾਬ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਸ਼ਿਰਕਤ ਕਰਦਿਆਂ ਕਿਸਾਨਾਂ ਦੀਆਂ ਸਮੱਸਿਆਵਾਂ ’ਤੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਹਾੜ੍ਹੀ ਦੀ ਫ਼ਸਲ ਲੈ ਕੇ ਮੰਡੀ ਆਉਣ ਵਾਲੇ ਕਿਸਾਨਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਅਗਾਊਂ ਪ੍ਰਬੰਧ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੌਰਾਨ ਚੋਣਾਂ ’ਚ ਮਿਲੀ ਹਾਰ ਦੇ ਕਾਰਨਾਂ ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਮਤਭੇਦ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ। ਬਲਬੀਰ ਰਾਜੇਵਾਲ ਨੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਜੂਝਣ ਲਈ ਪ੍ਰੇਰਿਆ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਤ੍ਰਿਪੜੀ ਤੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਨੇ ਕਿਹਾ ਕਿ ਕਿਸਾਨਾਂ ਦੀਆਂ ਬਕਾਇਆ ਮੰਗਾਂ ਦੇ ਹੱਲ ਲਈ ਰਾਜੇਵਾਲ ਦੀ ਅਗਵਾਈ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਚੋਣ ਲੜਨਾ ਸਿਰਫ਼ ਰਾਜੇਵਾਲ ਦਾ ਨਹੀਂ, ਸਗੋਂ 22 ਜਥੇਬੰਦੀਆਂ ਦਾ ਸਾਂਝਾ ਫੈ਼ਸਲਾ ਸੀ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੀ ਬਲਾਕ ਪੱਧਰ ’ਤੇ ਮਜ਼ਬੂਤੀ ਲਈ ਬਲਾਕ ਖਰੜ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਹਰਿੰਦਰ ਸਿੰਘ ਖੂਨੀਮਾਜਰਾ ਨੂੰ ਬਲਾਕ ਖਰੜ ਦਾ ਪ੍ਰਧਾਨ ਚੁਣਿਆ ਗਿਆ ਜਦੋਂ ਕਿ ਪਰਵਿੰਦਰ ਸਿੰਘ ਨੂੰ ਜਨਰਲ ਸਕੱਤਰ, ਰਵਿੰਦਰ ਸਿੰਘ ਨੂੰ ਪ੍ਰੈੱਸ ਸਕੱਤਰ, ਅਵਤਾਰ ਸਿੰਘ ਨੂੰ ਸਲਾਹਕਾਰ, ਅਮਰਜੀਤ ਸਿੰਘ ਨੂੰ ਇੰਚਾਰਜ, ਅਰਵਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਹਰਜੀਤ ਸਿੰਘ ਨੂੰ ਮੀਤ ਪ੍ਰਧਾਨ, ਜਗਦੀਪ ਸਿੰਘ ਨੂੰ ਕੈਸ਼ੀਅਰ, ਰਣਜੀਤ ਸਿੰਘ ਨੂੰ ਸਟੇਜ ਸਕੱਤਰ, ਨਰਿੰਦਰ ਸਿੰਘ ਨੂੰ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਤ੍ਰਿਪੜੀ, ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਵੀ ਮੌਜੂਦ ਸਨ।