ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 6 ਜਨਵਰੀ
ਮੁਹਾਲੀ ਅਦਾਲਤ ਨੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਚੰਡੀਗੜ੍ਹ ਦੇ ਸੈਕਟਰ-17 ਥਾਣਾ ਦੇ ਤਤਕਾਲੀ ਐੱਸਐੱਚਓ ਕੇਆਈਪੀ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਅਦਾਲਤ ਨੇ ਸਾਬਕਾ ਐੱਸਐੱਚਓ ਨੂੰ ਸਿਟ ਦੀ ਜਾਂਚ ਵਿੱਚ ਸਹਿਯੋਗ ਦੇਣ ਦੇ ਆਦੇਸ਼ ਵੀ ਦਿੱਤੇ ਹਨ। ਅਦਾਲਤ ਨੇ ਸਾਬਕਾ ਐੱਸਐੱਚਓ ਨੂੰ ਨਿੱਜੀ ਮੁਚੱਲਕਾ ਭਰਨ ਲਈ ਵੀ ਕਿਹਾ ਹੈ। ਕੇਸ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ। ਉਧਰ, ਮਾਮਲੇ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਕੇਸ ਸਬੰਧੀ ਮੁਹਾਲੀ ਦੀ ਪਹਿਲੀ ਅਦਾਲਤ ਵੱਲੋਂ ਦਿੱਤੀ ਗਈ ਅਗਾਊਂ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਅੱਗੇ ਟਲ ਗਈ ਹੈ।