ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 30 ਜੁਲਾਈ
ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰਨਾਂ ਸੇਵਾਮੁਕਤ ਪੁਲੀਸ ਅਫ਼ਸਰਾਂ ਖ਼ਿਲਾਫ਼ ਦਰਜ ਅਪਰਾਧਿਕ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਹੋਈ।
ਅਦਾਲਤ ਨੇ ਅਗਲੀ ਸੁਣਵਾਈ ਲਈ 7 ਅਗਸਤ ਦਾ ਦਿਨ ਨਿਰਧਾਰਿਤ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਸੈਣੀ ਕੇਸ ਦੀ ਪੈਰਵੀ ਲਈ ਨਿਯੁਕਤ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ, ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਇਸ ਮਾਮਲੇ ਵਿੱਚ ਨਾਮਜ਼ਦ ਯੂਟੀ ਪੁਲੀਸ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਅਨੋਖ ਸਿੰਘ ਅਤੇ ਜਗੀਰ ਸਿੰਘ ਨੂੰ ਪਹਿਲਾਂ ਦਿੱਤੀ ਕੱਚੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ। ਬਚਾਅ ਪੱਖ ਦੇ ਵਕੀਲ ਐਚ ਐਸ ਧਨੋਆ ਨੇ ਮੁਲਜ਼ਮਾਂ ਨੂੰ ਪਹਿਲਾਂ ਦਿੱਤੀ ਕੱਚੀ ਜ਼ਮਾਨਤ ਬਰਕਰਾਰ ਰੱਖਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਧਾਰਾ 302 ਵਿੱਚ ਮੁਲਜ਼ਮਾਂ ਨੂੰ ਪੱਕੀ ਜ਼ਮਾਨਤ ਦੇਣ ਲਈ ਦਾਇਰ ਕੀਤੀ ਆਪਣੀ ਅਰਜ਼ੀ ਵਾਪਸ ਲੈ ਲੈਣਗੇ ਕਿਉਂਕਿ ਪੁਲੀਸ ਵੱਲੋਂ ਹਾਲੇ ਤੱਕ ਕਿਸੇ ਮੁਲਜ਼ਮ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਨਹੀਂ ਕੀਤਾ ਗਿਆ ਹੈ।
ਬਚਾਅ ਪੱਖ ਨੇ ਸਰਕਾਰੀ ਵਕੀਲ ਵੱਲੋਂ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ ਕਰਨ ਸਬੰਧੀ ਦਾਖ਼ਲ ਕੀਤੀ ਅਰਜ਼ੀ ਬਾਰੇ ਆਪਣਾ ਜਵਾਬ ਦਾਅਵਾ ਪੇਸ਼ ਕਰਨ ਲਈ ਅਦਾਲਤ ਤੋਂ ਕੁਝ ਦਿਨਾਂ ਦੀ ਮੋਹਲਤ ਮੰਗੀ। ਉਧਰ, ਅਦਾਲਤ ਵਿੱਚ ਸਾਬਕਾ ਪੁਲੀਸ ਅਧਿਕਾਰੀ ਖ਼ਿਲਾਫ਼ ਪੁਰਾਣੇ ਗਵਾਹ ਨੂੰ ਧਮਕਾਉਣ ਦਾ ਮਾਮਲਾ ਵੀ ਉੱਠਿਆ।