ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 28 ਸਤੰਬਰ
ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਖਰਕਾਰ ਸੋਮਵਾਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਮਟੌਰ ਥਾਣੇ ਵਿੱਚ ਪਹੁੰਚ ਗਏ। ਮੁਹਾਲੀ ਪੁਲੀਸ ਵੱਲੋਂ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਬੀਤੇ ਦਿਨੀਂ ਦੂਜਾ ਨੋਟਿਸ ਜਾਰੀ ਕੀਤਾ ਗਿਆ ਸੀ। ਸਾਬਕਾ ਡੀਜੀਪੀ ਅੱਜ ਆਪਣੇ ਵਕੀਲਾਂ ਅਤੇ ਸੁਰੱਖਿਆ ਅਮਲੇ ਨਾਲ ਸਵੇਰੇ 11 ਵਜੇ ਮਟੌਰ ਥਾਣੇ ਵਿੱਚ ਪਹੁੰਚੇ। ਉਹ ਸਿੱਧਾ ਥਾਣਾ ਮੁਖੀ ਦੇ ਦਫ਼ਤਰ ਵਿੱਚ ਜਾ ਕੇ ਕੁਰਸੀ ’ਤੇ ਬੈਠ ਗਏ।
ਜ਼ਿਕਰਯੋਗ ਹੈ ਕਿ ਬੀਤੀ 15 ਸਤੰਬਰ ਨੂੰ ਸੁਪਰੀਮ ਕੋਰਟ ’ਚੋਂ ਆਰਜ਼ੀ ਜ਼ਮਾਨਤ ਮਿਲਣ ਦੇ ਬਾਵਜੂਦ ਸਾਬਕਾ ਡੀਜੀਪੀ ਪੁਲੀਸ ਜਾਂਚ ਵਿੱਚ ਸ਼ਾਮਲ ਹੋਣ ਤੋਂ ਟਾਲਾ ਵਟਦੇ ਆ ਰਹੇ ਸੀ। ਸੁਪਰੀਮ ਕੋਰਟ ਨੇ ਹਾਲਾਂਕਿ ਸੈਣੀ ਦੀ ਗ੍ਰਿਫ਼ਤਾਰੀ ’ਤੇ ਆਰਜ਼ੀ ਰੋਕ ਲਗਾਉਣ ਸਮੇਂ ਉਸ ਨੂੰ ਪੁਲੀਸ ਜਾਂਚ ਵਿੱਚ ਸਹਿਯੋਗ ਦੇਣ ਲਈ ਕਿਹਾ ਸੀ।