ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 14 ਸਤੰਬਰ
ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਭਲਕੇ 15 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਨ, ਜਸਟਿਸ ਆਰ ਸੁਭਾਸ਼ ਰੈੱਡੀ ਅਤੇ ਜਸਟਿਸ ਐੱਮ ਆਰ ਸ਼ਾਹ ’ਤੇ ਆਧਾਰਿਤ ਵਿਸ਼ੇਸ਼ ਬੈਂਚ ਵੱਲੋਂ ਸਵੇਰੇ 10.30 ਵਜੇ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ। ਕਰੋਨਾ ਮਹਾਮਾਰੀ ਕਾਰਨ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਪੰਜਾਬ ਸਰਕਾਰ ਅਤੇ ਪੁਲੀਸ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਜ਼ਮਾਨਤ ਨਾ ਦੇਣ ਦੀ ਅਪੀਲ ਕੀਤੀ ਜਾਵੇਗੀ। ਸਾਬਕਾ ਡੀਜੀਪੀ ਸੈਣੀ ਨੇ ਆਪਣੀਆਂ ਪਟੀਸ਼ਨਾਂ ਵਿੱਚ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਸਬੰਧੀ ਪਹਿਲਾਂ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ, ਪਰ ਸੁਣਵਾਈ ਦੌਰਾਨ ਕੌਮੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਦਰਜ ਕੇਸ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੀੜਤ ਪਰਿਵਾਰ ਦੀ ਝੂਠੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਜਾਣਬੁੱਝ ਕੇ ਤੰਗ-ਪ੍ਰੇਸ਼ਾਨ ਅਤੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਖ਼ਿਲਾਫ਼ ਦਰਜ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਬਚਾਅ ਪੱਖ ਦੇ ਵਕੀਲਾਂ ਨੇ ਸਾਰੀਆਂ ਤਰੁੱਟੀਆਂ ਦੂਰ ਕਰ ਕੇ ਨਵੇਂ ਸਿਰਿਓਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ, ਜਿਸ ’ਤੇ ਭਲਕੇ ਸੁਣਵਾਈ ਹੋਵੇਗੀ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਕੇ ਅਪੀਲ ਕੀਤੀ ਗਈ ਹੈ। ਇਸ ਸਬੰਧੀ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਨੇ ਦੱਸਿਆ ਕਿ ਸਰਕਾਰ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਸਾਬਕਾ ਡੀਜੀਪੀ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਸਟੇਟ ਦਾ ਪੱਖ ਵੀ ਸੁਣਿਆ ਜਾਵੇ। ਮੁਹਾਲੀ ਪੁਲੀਸ ਵੱਲੋਂ ਸੈਣੀ ਦੀ ਭਾਲ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ ਪਰ ਹੁਣ ਤੱਕ ਪੁਲੀਸ ਨੂੰ ਉਨ੍ਹਾਂ ਦੀ ਮੌਜੂਦਗੀ ਬਾਰੇ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ। ‘ਸਿੱਟ’ ਦੇ ਮੁਖੀ ਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਉਹ ਸੈਣੀ ਮਾਮਲੇ ਵਿੱਚ ਮੀਡੀਆ ਨਾਲ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ।