ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 8 ਸਤੰਬਰ
ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੈਣੀ ਦੀ ਅਗਾਊਂ ਜ਼ਮਾਨਤ ਅਤੇ ਮੁਹਾਲੀ ਦੇ ਮਟੌਰ ਥਾਣੇ ਵਿਚ ਦਰਜ ਅਪਰਾਧਕ ਕੇਸ ਦੀ ਜਾਂਚ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਤੋਂ ਕਰਵਾਉਣ ਦੀ ਮੰਗ ਨੂੰ ਖਾਰਜ ਕਰਦਿਆਂ ਦੋਵੇਂ ਅਰਜ਼ੀਆਂ ਮੁੱਢੋਂ ਰੱਦ ਕਰ ਦਿੱਤੀਆਂ ਹਨ। ਜ਼ਮਾਨਤ ਰੱਦ ਹੋਣ ਮਗਰੋਂ ਪੁਲੀਸ ਨੇ ਸੈਣੀ ਦੀ ਭਾਲ ਤੇਜ਼ ਕਰ ਦਿੱਤੀ ਹੈ ਤੇ ਕਿਸੇ ਵੀ ਸਮੇਂ ਉਸ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਜਸਟਿਸ ਫਤਹਿਦੀਪ ਸਿੰਘ ਦੇ ਸਿੰਗਲ ਬੈਂਚ ਨੇ ਅੱਜ ਸੈਣੀ ਦੀ ਜ਼ਮਾਨਤ ਅਰਜ਼ੀ ਅਤੇ ਪੰਜਾਬ ਪੁਲੀਸ ਤੋਂ ਜਾਂਚ ਵਾਪਸ ਲੈਣ ਲਈ ਦਾਇਰ ਅਰਜ਼ੀ ਨੂੰ ਰੱਦ ਕਰਨ ਦਾ ਫ਼ੈਸਲਾ ਸੁਣਾਇਆ।
ਸੈਣੀ ਨੇ ਆਪਣੀ ਪਟੀਸ਼ਨ ਵਿਚ ਦਲੀਲ ਦਿੱਤੀ ਸੀ ਕਿ ਇਹ ਮਾਮਲਾ 29 ਸਾਲ ਪੁਰਾਣਾ ਹੈ ਅਤੇ ਹੁਣ ਉਸ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਅਤੇ ਬਦਨਾਮ ਕੀਤਾ ਜਾ ਰਿਹਾ ਹੈ। ਉਸ ਖ਼ਿਲਾਫ਼ ਦਰਜ ਕੇਸ ਸਿਆਸਤ ਤੋਂ ਪ੍ਰੇਰਿਤ ਹੈ। ਉਧਰ, ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸੈਣੀ ਖ਼ਿਲਾਫ਼ ਗੰਭੀਰ ਦੋਸ਼ ਹਨ। ਲਿਹਾਜ਼ਾ ਕਿਸੇ ਵੀ ਸੂਰਤ ਵਿਚ ਉਸ ਨੂੰ ਜ਼ਮਾਨਤ ਨਾ ਦਿੱਤੀ ਜਾਵੇ। ਸ੍ਰੀ ਨਰੂਲਾ ਨੇ ਕਿਹਾ ਕਿ ਸੈਣੀ ਨੂੰ ਹਿਰਾਸਤ ਵਿਚ ਲੈ ਕੇ ਪੁੱਛ-ਪੜਤਾਲ ਕਰਨੀ ਬਣਦੀ ਹੈ ਕਿਉਂਕਿ ਕੇਸ ਦਰਜ ਹੋਣ ਮਗਰੋਂ ਉਸ ਨੇ ਪੁਲੀਸ ਨੂੰ ਜਾਂਚ ਵਿਚ ਕੋਈ ਸਹਿਯੋਗ ਨਹੀਂ ਦਿੱਤਾ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਨੌਜਵਾਨ ਦੀ ਪੁਲੀਸ ਹਿਰਾਸਤ ਵਿਚ ਮੌਤ ਹੋਣ ਸਬੰਧੀ ਸਰਕਾਰ ਕੋਲ ਪੁਖ਼ਤਾ ਸਬੂਤ ਹਨ।
ਪੁਲੀਸ ਨੇ ਗ੍ਰਿਫ਼ਤਾਰੀ ਲਈ ਯਤਨ ਤੇਜ਼ ਕੀਤੇ
ਹਾਈ ਕੋਰਟ ਵੱਲੋਂ ਸਾਬਕਾ ਪੁਲੀਸ ਮੁਖੀ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਮਗਰੋਂ ਮੁਹਾਲੀ ਪੁਲੀਸ ਨੇ ਉਸ ਦੀ ਗ੍ਰਿਫ਼ਤਾਰੀ ਲਈ ਯਤਨ ਤੇਜ਼ ਕਰ ਦਿੱਤੇ ਹਨ ਅਤੇ ਉਸ ਦੇ ਮੁਹਾਲੀ ਸਥਿਤ ਫਾਰਮ ਹਾਊਸ, ਚੰਡੀਗੜ੍ਹ ਰਿਹਾਇਸ਼, ਹਿਮਾਚਲ ਪ੍ਰਦੇਸ਼ ਦੇ ਮੰਡੀ ਸਥਿਤ ਘਰ ਸਮੇਤ ਹੋਰਨਾਂ ਟਿਕਾਣਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ। ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਗੁਪਤ ਤਰੀਕੇ ਨਾਲ ਆਪਣੀ ਕਾਰਵਾਈ ਕਰ ਰਹੀ ਹੈ। ਅੱਜ ਵੀ ਕਈ ਥਾਵਾਂ ’ਤੇ ਛਾਪੇ ਮਾਰੇ ਗਏ ਹਨ ਅਤੇ ਜਲਦੀ ਸੈਣੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।