ਦਰਸ਼ਨ ਸਿੰਘ ਸੋਢੀ
ਐੱਸ.ਐੱਸ. ਨਗਰ (ਮੁਹਾਲੀ), 27 ਅਕਤੂਬਰ
ਮੁਹਾਲੀ ਦੇ ਵਸਨੀਕ ਅਤੇ ਸਿੱਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਅੱਗੇ ਟਲ ਗਈ ਹੈ। ਬੀਤੀ 11 ਮਈ ਨੂੰ ਮੁਹਾਲੀ ਅਦਾਲਤ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕੀਤੀ ਗਈ ਸੀ ਅਤੇ ਅਦਾਲਤ ਨੇ ਸਾਬਕਾ ਡੀਜੀਪੀ ਨੂੰ ਆਦੇਸ਼ ਦਿੱਤੇ ਸੀ ਕਿ ਉਹ ਪੁਲੀਸ ਜਾਂਚ ਵਿੱਚ ਸ਼ਾਮਲ ਹੋਣਗੇ ਅਤੇ ਅਦਾਲਤ ਨੂੰ ਦੱਸੇ ਬਿਨਾਂ ਆਪਣੇ ਘਰ ਤੋਂ ਬਿਲਕੁਲ ਬਾਹਰ ਨਹੀਂ ਜਾਣਗੇ, ਬਸ਼ਰਤੇ ਉਨ੍ਹਾਂ ਨੂੰ ਕੋਈ ਮੈਡੀਕਲ ਐਮਰਜੰਸੀ ਨਾ ਹੋਵੇ।
ਸਰਕਾਰੀ ਵਕੀਲ ਨੇ ਦੱਸਿਆ ਕਿ ਸੁਮੇਧ ਸੈਣੀ ਨੇ ਪਿਛਲੇ ਸਮੇਂ ਦੌਰਾਨ ਅਦਾਲਤ ਅਤੇ ਸਿੱਟ ਨੂੰ ਕੁੱਝ ਦੱਸੇ ਬਿਨਾਂ ਘਰ ਤੋਂ ਗਾਇਬ ਹੋ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ। ਅੱਜ ਮੁਹਾਲੀ ਅਦਾਲਤ ਵਿੱਚ ਸਰਕਾਰ ਦੀ ਉਕਤ ਅਰਜ਼ੀ ’ਤੇ ਸੁਣਵਾਈ ਦੌਰਾਨ ਸੈਣੀ ਦੇ ਵਕੀਲ ਐੱਚਐੱਸ ਧਨੋਆ ਨੇ ਨਾ ਤਾਂ ਵਕਾਲਤਨਾਮਾ ਹੀ ਦਾਇਰ ਕੀਤਾ ਅਤੇ ਨਾ ਹੀ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਵੱਲੋਂ ਲਗਾਏ ਇਤਰਾਜ਼ਾਂ ਬਾਰੇ ਆਪਣਾ ਲਿਖਤੀ ਪੱਖ ਹੀ ਰੱਖਿਆ ਗਿਆ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਦਨ ਤੋਂ ਬਾਅਦ ਸਰਕਾਰ ਦੀ ਅਰਜ਼ੀ ’ਤੇ ਸੁਣਵਾਈ ਲਈ 19 ਨਵੰਬਰ ਦਾ ਦਿਨ ਨਿਰਧਾਰਿਤ ਕੀਤਾ ਹੈ।
ਸੁਮੇਧ ਸੈਣੀ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਐਫ਼ਆਈਆਈ ਰੱਦ ਕਰਨ ਅਤੇ ਉਸ ਨੂੰ ਪੱਕੀ ਜ਼ਮਾਨਤ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਵਿਚਾਰ ਅਧੀਨ ਹੈ। ਇਨ੍ਹਾਂ ਦੋਵੇਂ ਪਟੀਸ਼ਨਾਂ ’ਤੇ ਭਲਕੇ 28 ਅਕਤੂਬਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।