ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਸੁਪਰੀਮ ਕੋਰਟ ਨੇ ਮੁਹਾਲੀ ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਕਤਲ ਕੇਸ ’ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਧਾਰਾ 302 ਵਿੱਚ ਪੇਸ਼ਗੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਨ, ਜਸਟਿਸ ਆਰ ਸੁਭਾਸ਼ ਰੈੱਡੀ ਅਤੇ ਜਸਟਿਸ ਐੱਮਆਰ ਸ਼ਾਹ ਦੀ ਅਗਵਾਈ ਵਾਲੇ ਬੈਂਚ ਨੇ ਸਾਬਕਾ ਡੀਜੀਪੀ ਨੂੰ ਆਪਣਾ ਪਾਸਪੋਰਟ ਥਾਣੇ ਵਿੱਚ ਜਮ੍ਹਾਂ ਕਰਵਾਉਣ ਦੇ ਨਾਲ-ਨਾਲ ਜਾਂਚ ਵਿੱਚ ਪੁਲੀਸ ਨੂੰ ਸਹਿਯੋਗ ਕਰਨ ਅਤੇ ਕੇਸ ਨਾਲ ਸਬੰਧਤ ਗਵਾਹਾਂ ਨੂੰ ਪ੍ਰਭਾਵਿਤ ਨਾ ਕਰਨ ਦੀ ਸਖ਼ਤ ਹਦਾਇਤ ਕੀਤੀ ਹੈ। ਨਾਲ ਹੀ ਸੈਣੀ ਨੂੰ ਇਕ ਲੱਖ ਰੁਪਏ ਦਾ ਨਿੱਜੀ ਮੁਚੱਲਕਾ ਅਤੇ ਐਨੀ ਹੀ ਰਕਮ ਦੇ ਦੋ ਜ਼ਮਾਨਤੀ ਬਾਂਡ ਭਰਨ ਕਰਨ ਲਈ ਕਿਹਾ ਹੈ। ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ 302, 364 ਸਮੇਤ ਹੋਰਨਾਂ ਸਖ਼ਤ ਧਾਰਾਵਾਂ ਤਹਿਤ ਦਰਜ ਅਪਰਾਧਿਕ ਕੇਸ ਰੱਦ ਕਰਨ ਅਤੇ ਪੱਕੀ ਜ਼ਮਾਨਤ ਬਾਰੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਦੇ ਵਿਸ਼ੇਸ਼ ਬੈਂਚ ਨੇ ਬੀਤੀ 17 ਨਵੰਬਰ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ।