Murder: ਸੱਤਵੀਂ ਕਲਾਸ ’ਚ ਪੜ੍ਹਦੇ ਲੜਕੇ ਦਾ ਕਤਲ
ਪਿੰਡ ਰੋੜਕੀ ਦੇ 13 ਸਾਲਾ ਤੇ ਸੱਤਵੀਂ ਕਲਾਸ ਵਿਚ ਪੜ੍ਹਦੇ ਲੜਕੇ ਦਾ ਕਬੂਤਰ ਚੋਰੀ ਕਰਨ ਦੇ ਸ਼ੱਕ ਵਿੱਚ ਕਤਲ ਕਰ ਦਿੱਤਾ ਗਿਆ। ਪੁਲੀਸ ਥਾਣਾ ਮੁਖੀ ਸਰਦੂਲਗੜ੍ਹ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਜਾ ਸਿੰਘ ਵਜੋਂ ਹੋਈ ਹੈ। ਉਸ ਦੇ ਪਿਤਾ ਲਖਵਿੰਦਰ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਪਿੰਡ ਦੇ ਤਿੰਨ ਵਿਅਕਤੀ ਉਨ੍ਹਾਂ ਦੇ ਘਰ ਆਏ ਤੇ ਲੜਕੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਕਿਹਾ ਕਿ ਤੁਹਾਡੇ ਲੜਕੇ ਰਾਜਾ ਸਿੰਘ ਨੇ ਉਨ੍ਹਾਂ ਦੇ ਕਬੂਤਰ ਚੋਰੀ ਕਰ ਲਏ ਹਨ। ਜਦੋਂ ਰਾਜਾ ਘਰੋਂ ਬਾਹਰ ਗਿਆ ਤਾਂ ਉਨ੍ਹਾਂ ਨੇ ਕਤਲ ਕਰ ਦਿੱਤਾ ਤੇ ਉਸ ਦੀ ਲਾਸ਼ ਪਿੰਡ ਦੇ ਬਾਹਰ ਇੱਕ ਦਰੱਖਤ 'ਤੇ ਲਟਕਾ ਦਿੱਤੀ। ਮ੍ਰਿਤਕ ਦੇ ਪਿਤਾ ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਤਿਰਲੋਚਨ ਸਿੰਘ, ਤੇਜਾ ਸਿੰਘ ਅਤੇ ਕਾਲਾ ਸਿੰਘ ਵਾਸੀ ਰੋੜਕੀ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਪੁਲੀਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਮ੍ਰਿਤਕ ਦਾ ਸਿਵਲ ਹਸਪਤਾਲ ਸਰਦੂਲਗੜ੍ਹ ਤੋਂ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।