ਗੁਰਦਾਸਪੁਰ ’ਚ ਦੋ ਪੁਲੀਸ ਮੁੁਲਾਜ਼ਮਾਂ ਦਾ ਕਤਲ ਮਾਮਲਾ: CM Mann ਵੱਲੋਂ 1-1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ
ASI ਗੁਰਨਾਮ ਸਿੰਘ ਅਤੇ ਹੋਮਗਾਰਡ ਅਸ਼ੋਕ ਕੁਮਾਰ ਦੀ ਡਿਊਟੀ ਦੌਰਾਨ ਹੋਈ ਸੀ ਮੌਤ
Gurdaspur Accident: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸ਼ਹੀਦ ਹੋਏ ਦੋ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ASI ਗੁਰਨਾਮ ਸਿੰਘ ਅਤੇ ਹੋਮਗਾਰਡ ਅਸ਼ੋਕ ਕੁਮਾਰ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਉਨ੍ਹਾਂ ਦੇ ਵਾਰਸਾਂ ਨੂੰ 1-1 ਕਰੋੜ ਰੁਪਏ ਦੀ ਵਿੱਤੀ ਸਹਾਇਤਾ (EX- GRATIA) ਦੇਣ ਦਾ ਐਲਾਨ ਕੀਤਾ।
ਇਸ ਤੋਂ ਇਲਾਵਾ, ਐਚ.ਡੀ.ਐਫ.ਸੀ. (HDFC) ਬੈਂਕ ਵੱਲੋਂ ਵੀ ਸ਼ਹੀਦਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਨ੍ਹਾਂ ਸ਼ਹੀਦ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਕੌਮਾਂਤਰੀ ਸਰਹੱਦ ਤੋਂ ਮਹਿਜ਼ 2 ਕਿਲੋਮੀਟਰ ਦੂਰ ਅਧੀਆਂ ਚੌਕੀ ਦੇ ਅੰਦਰ ਇਨ੍ਹਾਂ ਦੋਵਾਂ ਜਵਾਨਾਂ ਦੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ ਮਿਲੀਆਂ ਸਨ। ਫੋਰੈਂਸਿਕ ਟੀਮਾਂ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਇੱਕ ਪਾਸੇ ਸੋਸ਼ਲ ਮੀਡੀਆ ’ਤੇ ਇਕ ਕਥਿਤ ਸੰਗਠਨ ਵੱਲੋਂ ਇਸ ਦੀ ਜ਼ਿੰਮੇਵਾਰੀ ਲੈਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਪੁਲੀਸ ਇਨ੍ਹਾਂ ਦਾਅਵਿਆਂ ਨੂੰ ਫਿਲਹਾਲ ਫਰਜ਼ੀ ਦੱਸ ਰਹੀ ਹੈ।

