ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੁਧਿਆਣਾ ’ਚ ਸ਼ਿਵ ਸੈਨਾ ਆਗੂ ’ਤੇ ਕਾਤਲਾਨਾ ਹਮਲਾ

ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ
ਘਟਨਾ ਸਥਾਨ ’ਤੇ ਜਾਂਚ ਕਰਦੇ ਹੋਏ ਪੁਲੀਸ ਅਧਿਕਾਰੀ ਅਤੇ (ਇਨਸੈੱਟ) ਹਸਪਤਾਲ ’ਚ ਜ਼ੇਰੇ ਇਲਾਜ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਗੋਰਾ। -ਫੋਟੋਆਂ: ਹਿਮਾਂਸ਼ੂ ਮਹਾਜਨ
Advertisement

ਗਗਨਦੀਪ ਅਰੋੜਾ

ਲੁਧਿਆਣਾ, 5 ਜੁਲਾਈ

Advertisement

ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ’ਤੇ ਅੱਜ ਸਵੇਰੇ ਨਿਹੰਗ ਬਾਣੇ ’ਚ ਆਏ ਤਿੰਨ ਨੌਜਵਾਨਾਂ ਨੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਸੰਦੀਪ ਥਾਪਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਦੋ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਸੰਦੀਪ ਥਾਪਰ ਐਕਟਿਵਾ ਸਕੂਟਰ ’ਤੇ ਆਪਣੇ ਸੁਰੱਖਿਆ ਮੁਲਾਜ਼ਮ ਨਾਲ ਸਿਵਲ ਹਸਪਤਾਲ ਦੇ ਬਾਹਰੋਂ ਲੰਘ ਰਿਹਾ ਸੀ। ਇਸ ਦੌਰਾਨ ਪਿੱਛਿਓਂ ਆਏ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਨੌਜਵਾਨ ਨਿਹੰਗ ਸਿੰਘਾਂ ਦੇ ਬਾਣੇ ਵਿੱਚ ਸਨ। ਇਨ੍ਹਾਂ ’ਚੋਂ ਇੱਕ ਨੌਜਵਾਨ ਸੁਰੱਖਿਆ ਮੁਲਾਜ਼ਮ ਨੂੰ ਇੱਕ ਪਾਸੇ ਲੈ ਗਿਆ ਤੇ ਦੂਜਿਆਂ ਨੇ ਸ਼ਿਵ ਸੈਨਾ ਆਗੂ ’ਤੇ ਹਮਲਾ ਕਰ ਦਿੱਤਾ। ਇਹ ਦੇਖ ਕੇ ਸੁਰੱਖਿਆ ਮੁਲਾਜ਼ਮ ਨੇ ਰਿਵਾਲਵਰ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਨੂੰ ਧੱਕੇ ਮਾਰ ਕੇ ਪਿੱਛੇ ਕਰ ਦਿੱਤਾ ਅਤੇ ਰਿਵਾਲਵਰ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਮਗਰੋਂ ਮੁਲਜ਼ਮ ਥਾਪਰ ਦੀ ਐਕਟਿਵਾ ’ਤੇ ਹੀ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦੌਰਾਨ ਸਥਾਨਕ ਲੋਕਾਂ ਨੇ ਥਾਪਰ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਡੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਡੀਐੱਮਸੀ ਹਸਪਤਾਲ ਵਿੱਚ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਬਾਰੇ ਸੂਚਨਾ ਮਿਲਦੇ ਹੀ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਸਮੇਤ ਹੋਰ ਪੁਲੀਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ। ਪੁਲੀਸ ਨੇ ਥਾਣਾ ਡਿਵੀਜ਼ਨ ਨੰਬਰ-2 ਵਿੱਚ ਤਿੰਨ ਨੌਜਵਾਨਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਲੁੱਟ ਸਮੇਤ ਹੋਰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਵੱਖ-ਵੱਖ ਹਿੰਦੂ ਜਥੇਬੰਦੀਆਂ ਨੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਰਬਜੀਤ ਸਿੰਘ ਸਾਬਾ (34) ਵਾਸੀ ਟਿੱਬਾ ਰੋਡ, ਲੁਧਿਆਣਾ ਅਤੇ ਹਰਜੋਤ ਸਿੰਘ ਜੋਤਾ ਵਾਸੀ ਭਾਮੀਆਂ ਕਲਾਂ, ਲੁਧਿਆਣਾ ਵਜੋਂ ਹੋਈ ਹੈ ਜਦੋਂਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਟਹਿਲ ਸਿੰਘ ਅਜੇ ਫ਼ਰਾਰ ਹੈ। ਦੋਹਾਂ ਮੁਲਜ਼ਮਾਂ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਅਗਲੇਰੀ ਪੁੱਛ-ਪੜਤਾਲ ਜਾਰੀ ਹੈ।

‘ਆਪ’ ਸਰਕਾਰ ਕਾਨੂੰਨ ਵਿਵਸਥਾ ਮਾਮਲੇ ’ਚ ਫ਼ੇਲ੍ਹ: ਜਾਖੜ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸ਼ਿਵ ਸੈਨਾ ਆਗੂ ਸੰਦੀਪ ਥਾਪਰ ’ਤੇ ਲੁਧਿਆਣਾ ਵਿੱਚ ਦਿਨ-ਦਿਹਾੜੇ ਹੋਏ ਕਾਤਲਾਨਾ ਹਮਲੇ ਨੂੰ ਲੈ ਕੇ ‘ਆਪ’ ਸਰਕਾਰ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਹੋਏ ਇਸ ਕਾਤਲਾਨਾ ਹਮਲੇ ਨੇ ‘ਆਪ’ ਸਰਕਾਰ ਦੀ ਅਗਵਾਈ ਵਿੱਚ ਸੂਬੇ ਦੀ ਕਾਨੂੰਨ ਵਿਵਸਥਾ ਦੀ ਹਾਲਤ ਦਾ ਖ਼ੁਲਾਸਾ ਕਰ ਦਿੱਤਾ ਹੈ। ਉਨ੍ਹਾਂ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਸ਼ਾਂਤੀ ਵਿਵਸਥਾ ਕਾਇਮ ਰੱਖਣ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਕਾਤਲਾਨਾ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Advertisement
Show comments