ਜੋਗਿੰਦਰ ਸਿੰਘ ਮਾਨ
ਮਾਨਸਾ, 30 ਜੂਨ
ਮਾਨਸਾ ਪੁਲੀਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਹੁਣ ਜੱਗੂ ਭਗਵਾਨਪੁਰੀਆ ਨੂੰ ਸ਼ੱਕ ਦੇ ਆਧਾਰ ’ਤੇ ਸ਼ਾਮਲ ਕਰਕੇ ਪੁੱਛ-ਪੜਤਾਲ ਲਈ ਇਥੋਂ ਦੀ ਇੱਕ ਅਦਾਲਤ ਤੋਂ 7 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲੀਸ ਵੱਲੋਂ ਉਸ ਨੂੰ ਮਾਨਸਾ ਦੇ ਸੀਆਈਏ ਪੁਲੀਸ ਸਟੇਸ਼ਨ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਪੁਲੀਸ ਉਸ ਤੋਂ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁੱਛ ਪੜਤਾਲ ਕਰਨ ਦੇ ਰੌਂਅ ਵਿੱਚ ਹੈ ਤਾਂ ਜੋ ਇਸ ਕਤਲ ਕਾਂਡ ’ਚ ਕਿਸੇ ਸਿੱਟੇ ’ਤੇ ਪੁੱਜਿਆ ਜਾ ਸਕੇ।
ਪੁਲੀਸ ਨੇ ਅੱਜ ਬਾਅਦ ਦੁਪਹਿਰ ਜੱਗੂ ਭਗਵਾਨਪੁਰੀਆ ਦਾ ਸਿਵਲ ਹਸਪਤਾਲ ਮਾਨਸਾ ਤੋਂ ਡਾਕਟਰੀ ਮੁਆਇਨਾ ਕਰਵਾਉਣ ਮਗਰੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਅਤੇ ਉਸ ਤੋਂ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਪੁੱਛ-ਪੜਤਾਲ ਕਰਨ ਲਈ ਡਿਊਟੀ ਮੈਜਿਸਟਰੇਟ ਤੋਂ ਰਿਮਾਂਡ ਦੀ ਮੰਗ ਕੀਤੀ।
ਇਸ ਤੋਂ ਪਹਿਲਾਂ ਮਾਨਸਾ ਪੁਲੀਸ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇੱਕ ਦਿਨ ਦੇ ਟਰਾਂਜ਼ਿਟ ਰਿਮਾਂਡ ਲੈਣ ਤੋਂ ਬਾਅਦ ਬੁੱਧਵਾਰ ਅੱਧੀ ਰਾਤ ਨੂੰ ਮਾਨਸਾ ਪੁੱਜੀ ਸੀ ਅਤੇ ਉਸ ਨੂੰ ਇਥੋਂ ਦੇ ਸੀਆਈਏ ਪੁਲੀਸ ਸਟੇਸ਼ਨ ਵਿੱਚ ਰੱਖਿਆ ਗਿਆ ਸੀ।
ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਤੋਂ ਪੁੱਛ-ਪੜਤਾਲ ਦੌਰਾਨ 50 ਤੋਂ ਵੱਧ ਸਵਾਲ ਪੁੱਛੇ ਜਾਣਗੇ ਅਤੇ ਰਿਮਾਂਡ ਖ਼ਤਮ ਹੋਣ ਮਗਰੋਂ 6 ਜੁਲਾਈ ਉਸ ਨੂੰ ਫਿਰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸਵਾਲ ਮਾਨਸਾ ਪੁਲੀਸ ਵੱਲੋਂ ਤਿਆਰ ਕੀਤੇ ਗਏ ਹਨ ਅਤੇ ਇਸ ਮਾਮਲੇ ਸਬੰਧੀ ਸਿਟ ਵੱਲੋਂ ਵੀ ਉਸ ਤੋਂ ਪੁੱਛ-ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਧੂ ਮਸੂੇਵਾਲਾ ਕਤਲ ਕੇਸ ਵਿੱਚ ਜੱਗੂ ਭਗਵਾਨਪੁਰੀਆ ਦਾ ਨਾਮ ਅਸਿੱਧੇ ਅਤੇ ਸਿੱਧੇ ਰੂਪ ਵਿੱਚ ਜੁੜੇ ਹੋਣ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਮਨਮੋਹਨ ਸਿੰਘ ਮੋਹਣਾ ਨੇ ਮਾਨਸਾ ਪੁਲੀਸ ਕੋਲ ਜੱਗੂ ਭਗਵਾਨਪੁਰੀਆ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਮੂਸੇਵਾਲਾ ਕਤਲ ਕਾਂਡ ਵਿੱਚ ਉਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁੱਛ ਪੜਤਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜੱਗੂ ’ਤੇ ਲਾਰੈਂਸ ਨੂੰ ਸ਼ਾਰਪ ਸ਼ੂਟਰ ਅਤੇ ਹਥਿਆਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ।