ਮਾਨਸਾ: ਪੰਜਾਬ ਪੁਲੀਸ ਨੇ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਪੁਲੀਸ ਨੇ ਇਹ ਕਦਮ ਗੈਂਗਸਟਰ ਦੀਪਕ ਟੀਨੂ ਦੇ ਫਰਾਰ ਹੋਣ ਤੇ ਮੋਗਾ ਦੀ ਜ਼ਿਲ੍ਹਾ ਅਦਾਲਤ ’ਚ ਪੇਸ਼ੀ ਵੇਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸੀਆਈਏ ਸਟਾਫ਼ ਮੋਗਾ ਦੇ ਇੰਚਾਰਜ ਕਿੱਕਰ ਸਿੰਘ ਨਾਲ ਹੱਸਣ ਵਾਲੀ ਵੀਡੀਓ ਵਾਇਰਲ ਹੋਣ ਮਗਰੋਂ ਚੁੱਕਿਆ ਹੈ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਗੌਰਵ ਤੂਰਾ ਨੇ ਦੱਸਿਆ ਕਿ ਪੁਲੀਸ ਵੱਲੋਂ ਪਹਿਲਾਂ ਤੋਂ ਹੀ ਗੈਂਗਸਟਰਾਂ ’ਤੇ ਸਖ਼ਤੀ ਨਾਲ ਨਜ਼ਰ ਰੱਖੀ ਹੋਈ ਹੈ, ਪਰ ਦੀਪਕ ਟੀਨੂ ਮਾਮਲੇ ਮਗਰੋਂ ਬਣੀ ‘ਸਿਟ’ ਸਮੇਤ ਪੰਜਾਬ ਪੁਲੀਸ ਨੇ ਮੂਸੇਵਾਲਾ ਦੇ ਕਾਤਲਾਂ ਦੀ ਸੁਰੱਖਿਆ ਵਿੱਚ ਹੋਰ ਵਾਧਾ ਕਰ ਦਿੱਤਾ ਹੈ। -ਪੱਤਰ ਪ੍ਰੇਰਕ