ਚੰਡੀਗੜ੍ਹ (ਟਿ੍ਬਿਊਨ ਨਿਊਜ਼ ਸਰਵਿਸ): ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਉਨ੍ਹਾਂ ਦੇ ਪੁੱਤਰ ਦੀ ਸੁਰੱਖਿਆ ਵਿੱਚ ਗੰਭੀਰ ਕੁਤਾਹੀ ਵਰਤੇ ਜਾਣ ਅਤੇ ਮੂਸੇਵਾਲਾ ਦੇ ਕਤਲ ਸਬੰਧੀ ਲਗਾਏ ਗਏ ਗੰਭੀਰ ਦੋਸ਼ਾਂ ਦਾ ਜਵਾਬ ਦੇਣ ਲਈ ਆਖਿਆ ਹੈ। ਉਨ੍ਹਾਂ ਮੂਸੇਵਾਲਾ ਦੇ ਕਤਲ ਸਬੰਧੀ ਜਾਂਚ ਦੀ ਸੁਸਤ ਰਫ਼ਤਾਰ ’ਤੇ ਵੀ ਅਸੰਤੁਸ਼ਟੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਸੁਰਾਗਹੀਣ ਜਾਪਦੀ ਹੈ ਅਤੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਕੀਤੇ ਜਾ ਰਹੇ ਦਾਅਵਿਆਂ ’ਤੇ ਹੀ ਨਿਰਭਰ ਹੈ। ਬਲਕੌਰ ਸਿੰਘ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਪੁੱਤਰ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ, ਜੋ ਉਨ੍ਹਾਂ ਦੇ ਚੋਣ ਪ੍ਰਚਾਰ ਦੌਰਾਨ ਵੀ ਜਾਰੀ ਰਹੀਆਂ ਪਰ ਮਾਨ ਸਰਕਾਰ ਨੇ ਉਸ ਦੀ ਸੁਰੱਖਿਆ ਵਧਾਉਣ ਦੀ ਬਜਾਏ ਉਸ ਨੂੰ ਘਟਾ ਦਿੱਤਾ। ਉਨ੍ਹਾਂ ਦੇ ਪੁੱਤਰ ਨੂੰ ਨਿਸ਼ਾਨਾ ਬਣਾਉਣ ਲਈ ਅਪਰਾਧੀਆਂ ਅੱਗੇ ਪੇਸ਼ ਕੀਤਾ, ਜਿਸ ਕਾਰਨ 29 ਮਈ ਨੂੰ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਸ੍ਰੀ ਰੰਧਾਵਾ ਨੇ ਬਲਕੌਰ ਸਿੰਘ ਦੇ ਦੋਸ਼ਾਂ ਦਾ ਸਮਰਥਨ ਕਰਦਿਆਂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਦਾ ਫੈਸਲਾ ਲੈਣ ਵਾਲਿਆਂ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਕੀਤੀ ਹੈ।