ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਮਈ
ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਹੁਣ ‘ਆਪ’ ਸਰਕਾਰ ਨਿਸ਼ਾਨੇ ’ਤੇ ਆ ਗਈ ਹੈ। ਸਿਆਸੀ ਧਿਰਾਂ ਨੇ ਪੰਜਾਬ ’ਚ ਵਿਗੜ ਰਹੀ ਅਮਨ-ਕਾਨੂੰਨ ਵਿਵਸਥਾ ਨੂੰ ਲੈ ਕੇ ਸਿਆਸੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ ਅਤੇ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ‘ਆਪ’ ਸਰਕਾਰ ਅੱਗੇ ਇਹ ਨਵੀਂ ਚੁਣੌਤੀ ਖੜ੍ਹੀ ਹੋ ਗਈ ਹੈ। ਵੇਲੇ ਸਿਰ ਅਮਨ-ਕਾਨੂੰਨ ਦੀ ਸਥਿਤੀ ਕਾਬੂ ਹੇਠ ਨਾ ਕੀਤੀ ਗਈ ਤਾਂ ਗੈਰ ਸਮਾਜੀ ਅਨਸਰਾਂ ਨੇ ਕਦਮ ਵਧਾ ਲੈਣੇ ਹਨ। ਸਿੱਧੂ ਮੂਸੇਵਾਲੇ ਦੇ ਕਤਲ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਗੈਂਗਸਟਰਾਂ ਦੇ ਮੁੜ ਉਭਾਰ ਤੋਂ ਹਰ ਪੰਜਾਬੀ ਫ਼ਿਕਰਮੰਦ ਹੋ ਗਿਆ ਹੈ।
ਪੰਜਾਬ ਪੁਲੀਸ ਪਹਿਲੀ ਜੂਨ ਤੋਂ ਘੱਲੂਘਾਰਾ ਦਿਵਸ ਹੋਣ ਕਰਕੇ ਸੁਰੱਖਿਆ ਦੀ ਤਾਇਨਾਤੀ ਵਿਚ ਲੱਗੀ ਹੋਈ ਸੀ। ਪੁਲੀਸ ਨੇ ਇਕ ਦਿਨ ਪਹਿਲਾਂ ਹੀ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਆਰਜ਼ੀ ਤੌਰ ’ਤੇ 424 ਹਸਤੀਆਂ ਤੋਂ ਸੁਰੱਖਿਆ ਮੁਲਾਜ਼ਮ ਵਾਪਸ ਲਏ ਸਨ ਜਿਨ੍ਹਾਂ ਵਿਚ ਸਿੱਧੂ ਮੂਸੇਵਾਲਾ ਦਾ ਨਾਮ ਵੀ ਸ਼ਾਮਲ ਹੈ। ਮੁੱਖ ਮੰਤਰੀ ਭਗਵੰਤ ਮਾਨ ਲਈ ਇਹ ਪ੍ਰੀਖਿਆ ਦੀ ਘੜੀ ਹੈ ਅਤੇ ਇਹ ਘਟਨਾ ਸਰਕਾਰ ਲਈ ਵੱਡਾ ਸਿਆਸੀ ਝਟਕਾ ਵੀ ਹੈ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ’ਤੇ ਅੱਜ ਵੱਡਾ ਪਹਾੜ ਟੁੱਟਿਆ ਹੈ। ਸਿਆਸੀ ਧਿਰਾਂ ਨੇ ‘ਆਪ’ ਨੂੰ ਕਰੜੇ ਹੱਥੀਂ ਲਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ ਕਿ ਕੀ ਸਸਤੀ ਸ਼ੋਹਰਤ ਲਈ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦਾ ਫ਼ੈਸਲਾ ਉਸ ਦੀ ਹੱਤਿਆ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਹ ਸਿਆਸੀ ਲਾਹਾ ਲੈਣ ਦਾ ਸਮਾਂ ਨਹੀਂ ਹੈ ਸਗੋਂ ਸਰਕਾਰ ਨੂੰ ਮੌਜੂਦਾ ਹਾਲਾਤ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂਆਂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਸੂਬੇ ’ਚ ਗੈਂਗਵਾਰ ਅਤੇ ਹੋਰ ਅਪਰਾਧਕ ਘਟਨਾਵਾਂ ਦਾ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ’ਚ ਅਮਨ-ਕਾਨੂੰਨ ਬਣਾਈ ਰੱਖਣ ਦੀ ਲੋੜ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਤੇ ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਪੰਜਾਬੀ ਸੰਗੀਤ ਤੇ ਸਮਾਜ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਜਲੰਧਰ (ਪਾਲ ਸਿੰਘ ਨੌਲੀ): ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਗਾਇਕ ਸਿੱਧੂ ਮੂਸੇਵਾਲੇ ਦਾ ਕਤਲ ਕੀਤੇ ਜਾਣ ਦੀ ਘਟਨਾ ਨੂੰ ਬੇਹੱਦ ਮੰਦਭਾਗੀ ਦੱਸਿਆ ਹੈ।
ਪਟਿਆਲਾ (ਗੁਰਨਾਮ ਸਿੰਘ ਅਕੀਦਾ): ਇੱਥੋਂ ਉੱਘੇ ਗਾਇਕ ਪੰਮੀ ਬਾਈ ਨੇ ਕਿਹਾ, ‘‘ਅੱਜ ਸਾਥੋਂ ਸਿੱਧੂ ਮੂਸੇਵਾਲਾ ਵਰਗਾ ਵੱਡਾ ਕਲਾਕਾਰ ਖੋ ਲਿਆ ਗਿਆ ਹੈ, ਇਸ ਸਬੰਧੀ ਪੰਜਾਬ ਸਰਕਾਰ ਨੂੰ ਹੋਰ ਮੁਸਤੈਦੀ ਦੀ ਲੋੜ ਹੈ।’’
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਹਰਵਿੰਦਰ ਸਿੰਘ ਹਰਪਾਲਪੁਰ ਨੇ ਵੀ ਦੁੱਖ ਪ੍ਰਗਟਾਇਆ।
ਫਗਵਾੜਾ (ਜਸਬੀਰ ਸਿੰਘ ਚਾਨਾ): ਕੌਮੀ ਐੱਸਸੀ/ਐੱਸਟੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਕਿਹਾ ਕਿ ਸਰਕਾਰ ਵੱਲੋਂ ਸੁਰੱਖਿਆ ਘਟਾਉਣ ਸਬੰਧੀ ਜਲਦੀਬਾਜ਼ੀ ਨਾਲ ਲਏ ਫ਼ੈਸਲੇ ਦਾ ਨਤੀਜਾ ਹੈ। ਇਸੇ ਤਰ੍ਹਾਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਟਿਆਲਾ (ਸਰਬਜੀਤ ਸਿੰਘ ਭੰਗੂ): ਭਾਜਪਾ ਨੇ ਮੂਸੇਵਾਲਾ ਦੇ ਕਤਲ ਲਈ ਪੰਜਾਬ ਦੀ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਭਾਜਪਾ ਦੇ ਕੌਮੀ ਆਗੂ ਹਰਜੀਤ ਸਿੰਘ ਗਰੇਵਾਲ, ਸੂਬਾਈ ਆਗੂ ਗੁਰਤੇਜ ਸਿੰਘ ਢਿੱਲੋਂ, ਰਾਜਪੁਰਾ ਤੋਂ ਭਾਜਪਾ ਦੇ ਹਲਕਾ ਇੰਚਾਰਜ ਜਗਦੀਸ਼ ਜੱਗਾ, ਡਾ. ਭਾਈ ਪਰਮਜੀਤ ਸਿੰਘ, ਕੰਵਰਬੀਰ ਟੌਹੜਾ, ਭਾਜਪਾ ਦੀ ਪਟਿਆਲਾ ਇਕਾਈ ਦੇ ਪ੍ਰਧਾਨ ਹਰਿੰਦਰ ਕੋਹਲੀ ਨੇ ਆਖਿਆ ਹੈ ਕਿ ਅਸਲ ’ਚ ‘ਆਪ’ ਨੂੰ ਸਰਕਾਰ ਚਲਾਉਣ ਦਾ ਤਜਰਬਾ ਨਹੀਂ ਹੈ।
ਮੁੱਖ ਮੰਤਰੀ ਅਸਤੀਫ਼ਾ ਦੇਣ: ਬਾਜਵਾ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਨੇ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਇਸ ਮਾਮਲੇ ’ਤੇ ਅਸਤੀਫ਼ਾ ਦੇਣ ਅਤੇ ਸਿੱਧੂ ਮੁੂਸੇਵਾਲਾ ਦੀ ਸੁਰੱਖਿਆ ਵਾਪਸੀ ਬਾਰੇ ਸਪੱਸ਼ਟ ਕਰਨ ਕਿ ਕਿਹੜੇ ਕਾਰਨਾਂ ਕਰਕੇ ਉਸ ਦੀ ਸੁਰੱਖਿਆ ਵਾਪਸ ਲਈ ਗਈ ਸੀ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸੋਸ਼ਲ ਮੀਡੀਆ ’ਤੇ ਸੁਰੱਖਿਆ ਵਾਪਸੀ ਦਾ ਪ੍ਰਚਾਰ ਕਰਕੇ ਸਸਤੀ ਸ਼ੋਹਰਤ ਲਏ ਜਾਣ ਦਾ ਇਹ ਨਤੀਜਾ ਹੈ।
ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਵਿਗੜੀ: ਕੈਪਟਨ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਨੂੰ ਹਿਲਾ ਦੇਣ ਵਾਲੀ ਘਟਨਾ ਦੱਸਦਿਆਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਵਿਗੜ ਗਈ ਹੈ ਅਤੇ ਅਪਰਾਧੀਆਂ ਨੂੰ ਕਾਨੂੰਨ ਦਾ ਹੁਣ ਕੋਈ ਡਰ ਨਹੀਂ ਰਿਹਾ ਹੈ। ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਚਾਰ ਖ਼ਾਤਰ ਸੁਰੱਖਿਆ ਦੇ ਮੁੱਦੇ ਨਾਲ ਛੇੜਛਾੜ ਕਰ ਰਹੀ ਹੈ ਅਤੇ ਸਿੱਧੂ ਮੂਸੇਵਾਲਾ ਦਾ ਕਤਲ ਦਿਲ ਦਹਿਲਾ ਦੇਣ ਵਾਲਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਕੱਲ੍ਹ ਹੀ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਈ ਸੀ ਅਤੇ ਅੱਜ ਉਨ੍ਹਾਂ ਦਾ ਦਿਨ-ਦਿਹਾੜੇ ਕਤਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਲਈ ਸਿੱਧੇ ਤੌਰ ’ਤੇ ਮੁੱਖ ਮੰਤਰੀ ਅਤੇ ਡੀਜੀਪੀ ਜ਼ਿੰਮੇਵਾਰ ਹਨ। ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਵਾਪਸ ਲੈਣਾ ਸਿਆਸੀ ਸਟੰਟ ਹੈ ਅਤੇ ਸਰਕਾਰ ਨੂੰ ਸੁਰੱਖਿਆ ਵਾਪਸ ਲੈਣ ਵਾਲਿਆਂ ਦੇ ਨਾਮ ਉਜਾਗਰ ਕਰਨ ਦੀ ਲੋੜ ਨਹੀਂ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਗਹਿਲੀ ਦਾ ਨਤੀਜਾ ਸਭ ਦੇ ਸਾਹਮਣੇ ਹੈ।