ਸਤ ਪ੍ਰਕਾਸ਼ ਸਿੰਗਲਾ
ਬਰੇਟਾ, 20 ਮਾਰਚ
ਪੈਪਸੂ ਮੁਜ਼ਾਰਾ ਲਹਿਰ ਦੇ ਸ਼ਹੀਦਾਂ ਦੀ ਯਾਦ ਵਿੱਚ 73ਵੀਂ ਸ਼ਹੀਦੀ ਕਾਨਫਰੰਸ ਪਿੰਡ ਕਿਸ਼ਨਗੜ੍ਹ ਵਿੱਚ ਉੱਘੇ ਕਿਸਾਨ ਆਗੂ ਤੇ ਸਾਬਕਾ ਸਰਪੰਚ ਕੁਲਵੰਤ ਸਿੰਘ ਕਿਸ਼ਨਗੜ੍ਹ ਦੀ ਪ੍ਰਧਾਨਗੀ ਅਤੇ ਸੀਪੀਆਈ ਦੇ ਜ਼ਿਲ੍ਹਾ ਸਹਾਇਕ ਸਕੱਤਰ ਸੀਤਾ ਰਾਮ ਗੋਬਿੰਦਪੁਰਾ ਦੀ ਅਗਵਾਈ ਹੇਠ ਹੋਈ। ਇਹ ਕਾਨਫਰੰਸ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਮੌਕੇ ਸ਼ਹੀਦਾਂ ਦੀ ਯਾਦਗਾਰ ’ਤੇ ਝੰਡਾ ਲਹਿਰਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਸੀਪੀਆਈ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਫਸੋਸ ਪ੍ਰਗਟਾਇਆ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਲਗਾਤਾਰ ਹਮਲਿਆਂ ਨੇ ਦੇਸ਼ ਦੇ ਹਰ ਵਰਗ ਨੂੰ ਕੰਗਾਲੀ ਵੱਲ ਧੱਕਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲਈ ਬਣਨ ਵਾਲੀ ਕਮੇਟੀ ਵਿੱਚ ਕਿਸਾਨਾਂ ਨੂੰ ਸ਼ਾਮਲ ਕਰਨ ਤੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕਰਨ ਸਣੇ ਹੋਰ ਕਈ ਵਾਅਦਿਆਂ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਹੁਣ ਪੰਜਾਬ ਦੇ ਅਧਿਕਾਰਾਂ ’ਤੇ ਹਮਲਾ ਕਰਦੇ ਹੋਏ ਸੂਬੇ ਦਾ ਭਵਿੱਖ ਧੁੰਦਲਾ ਕਰਨ ਦੀਆਂ ਯੋਜਨਾਵਾਂ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਖੱਟਰ ਵੱਲੋਂ ਪਾਣੀਆਂ ਸਬੰਧੀ ਦਿੱਤੇ ਵਿਵਾਦਕ ਬਿਆਨ ਦਾ ਮੁੱਖ ਮੰਤਰੀ ਮਾਨ ਵੱਲੋਂ ਨੋਟਿਸ ਨਾ ਲੈਣਾ ਪੰਜਾਬ ਦੇ ਭਵਿੱਖ ਲਈ ਸਹੀ ਨਹੀਂ ਹੈ। ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਸ਼ਹਾਦਤਾਂ ਦੇ ਕੇ ਜ਼ਮੀਨਾਂ ਨੂੰ ਬਚਾਉਣ ਲਈ ਜਿੱਤੇ ਗਏ ਵੱਡੇ ਸੰਘਰਸ਼ ਨੂੰ ਬਰਕਰਾਰ ਰੱਖਣਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਮੋਦੀ ਸਰਕਾਰ ਵੱਲੋਂ ਸੰਵਿਧਾਨ ਨੂੰ ਛਿੱਕੇ ਟੰਗ ਕੇ ਅੰਬਾਨੀ, ਅਡਾਨੀਆਂ ਨੂੰ ਦੇਸ਼ ਦਾ ਸਰਮਾਇਆ ਤੇ ਜ਼ਮੀਨਾਂ ਕੌਡੀਆਂ ਦੇ ਭਾਅ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਖ਼ਬਰਦਾਰ ਕੀਤਾ ਕਿ ਕੇਂਦਰ ਵੱਲੋਂ ਅੰਦਰੂਨੀ ਤੌਰ ’ਤੇ ਹਮਲੇ ਲਗਾਤਾਰ ਜਾਰੀ ਹਨ। ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਭੀਮ ਸਿੰਘ ਆਲਮਪੁਰ ਨੇ ਪੈਪਸੂ ਮੁਜ਼ਾਰਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਵੱਡੀਆਂ ਚੁਣੌਤੀਆਂ ਦੇ ਟਾਕਰੇ ਲਈ ਕਿਸਾਨ ਆਗੂਆਂ ਤੇ ਐੱਸਕੇਐੱਮ ਨੂੰ ਸਾਂਝੇ ਘੋਲਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਕਿਸਾਨ ਸਭਾ ਦੇ ਸੂਬਾਈ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਕਿਹਾ ਕਿ ਕਿਸਾਨ ਅੰਦੋਲਨ ਤੋਂ ਚੇਤੰਨ ਹੋਏ ਪੰਜਾਬੀਆਂ ਨੇ ਲੋਟੂ ਟੋਲਿਆਂ ਨੂੰ ਚੋਣਾਂ ਵਿੱਚ ਸਬਕ ਸਿਖਾਇਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਦੇਸ਼ ਦੇ ਆਵਾਮ ਨੂੰ ਜਥੇਬੰਦ ਹੋਣਾ ਪਵੇਗਾ। ਇਸ ਲਈ ਕਿਰਤੀਆਂ ਤੇ ਕਿਸਾਨਾਂ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ।
ਇਸ ਮੌਕੇ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਮਾਨਸ਼ਾਹੀਆ, ਜ਼ਿਲ੍ਹਾ ਸਕੱਤਰ ਮਲਕੀਤ ਮੰਦਰਾਂ ਤੇ ਸਬ-ਡਿਵੀਜ਼ਨ ਬੁਢਲਾਡਾ ਦੇ ਸਕੱਤਰ ਵੇਦ ਪ੍ਰਕਾਸ਼ ਬੁਢਲਾਡਾ ਨੇ ਨਰਮਾ ਖਰਾਬੇ ਦੇ ਪੀੜਤ ਕਿਸਾਨਾਂ-ਮਜ਼ਦੂਰਾਂ ਲਈ ਬਣਦਾ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ। ਕਾਨਫਰੰਸ ਮੌਕੇ ਇਨਕਲਾਬੀ ਨਾਟਕ ਟੀਮਾਂ ਵੱਲੋਂ ਨਾਟਕ ਪੇਸ਼ ਕੀਤੇ ਗਏ ਤੇ ਲੋਕ ਗਾਇਕ ਜਗਸੀਰ ਜੀਦਾ ਦੀ ਟੀਮ, ਸੁਖਵੀਰ ਸਿੰਘ ਖਾਰਾ ਤੇ ਚਿੜੀਆ ਸਿੰਘ ਗੁਰਨੇ ਨੇ ਇਨਕਲਾਬੀ ਗੀਤ ਪੇਸ਼ ਕੀਤੇ।