ਜੋਗਿੰਦਰ ਸਿੰਘ ਮਾਨ
ਮਾਨਸਾ, 5 ਜੂਨ
ਆਲ ਇੰਡੀਆ 4ਘੱਟ ਗਿਣਤੀ ਦੇ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹੋਣ ਦੇ ਨਾਤੇ ਇਸ ਕੇਸ ਨੂੰ ਨਿੱਜੀ ਤੌਰ ’ਤੇ ਸੁਲਝਾਉਣ ਲਈ ਵਿਸ਼ੇਸ਼ ਉਪਰਾਲੇ ਕਰਨਗੇ।
ਉਨ੍ਹਾਂ ਕਿਹਾ, ‘‘ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਸੀ, ਜਿਸ ਕਾਰਨ ਮੇਰੀ ਇਹ ਨਿੱਜੀ ਜ਼ਿੰਮੇਵਾਰੀ ਬਣਦੀ ਹੈ ਕਿ ਮੈਂ ਦੇਸ਼ ਵਿੱਚ ਘੱਟ ਗਿਣਤੀਆਂ ਨਾਲ ਹੋ ਰਹੀ ਬੇਇਨਸਾਫ਼ੀ ਨੂੰ ਠੱਲ੍ਹ ਪਾਉਣ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂ।’’ ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹਨ ਦਾ ਭਰੋਸਾ ਦਿੱਤਾ। ਇਸ ਮੌਕੇ ਕਰਨਲ ਆਰਐੱਸ ਸ਼ੇਰਗਿੱਲ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਮਨਜੀਤ ਕੌਰ ਭੱਟੀ ਅਤੇ ਹਰਿਆਣਾ ਦੇ ਰਤੀਆ ਤੋਂ ਵਿਧਾਇਕ ਲਛਮਣ ਨਾਪਾ ਵੀ ਮੌਜੂਦ ਸਨ।
ਇਸੇ ਤਰ੍ਹਾਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਪੰਜਾਬੀ ਫਿਲਮ ਅਦਾਕਾਰ ਗੁੱਗੂ ਗਿੱਲ ਨੇ ਵੱਖਰੇ ਤੌਰ ’ਤੇ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੁੰਦਿਆਂ ਕਿਹਾ ਕਿ ਸਿੱਧੂ ਮੂੁਸੇਵਾਲਾ ਦੀ ਮੌਤ ਨਾਲ ਫਿਲਮ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪਿੰਡ ਮੂਸਾ ਪੁਹੰਚ ਕੇ ਕਾਤਲਾਂ ਨੂੰ ਜਲਦੀ ਕਾਬੂ ਕਰਕੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।
ਇਸੇ ਦੌਰਾਨ ਭਾਜਪਾ ਦੇ ਦਿੱਲੀ ਤੋਂ ਸੰਸਦ ਮੈਂਬਰ ਅਤੇ ਪ੍ਰਸਿੱਧ ਪੰਜਾਬੀ ਗਾਇਕ ਹੰਸ ਰਾਜ ਹੰਸ ਨੇ ਵੀ ਇਸ ਕਤਲ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਾਉਣ ਦਾ ਭਰੋਸਾ ਦਿੱਤਾ। ਪਿੰਡ ਮੂਸਾ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਕੁਮਾਰੀ ਸ਼ੈਲਜਾ, ਪਰਮਿੰਦਰ ਸਿੰਘ ਢੀਂਡਸਾ, ਮੁਹੰਮਦ ਸਦੀਕ, ਗੁਰਜੀਤ ਸਿੰਘ ਔਜਲਾ, ਜਗਮੀਤ ਸਿੰਘ ਬਰਾੜ, ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਮੂਸੇਵਾਲਾ ਦੇ ਕਾਤਲਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਸੰਧਵਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਕਿਹਾ ਕਿ ਸ਼ੁਭਦੀਪ ਸਿੰਘ ਸਿੱਧੂ ਨੇ ਛੋਟੀ ਉਮਰੇ ਵੱਡਾ ਨਾਮ ਕਮਾ ਕੇ ਆਪਣੇ ਪਿੰਡ ਅਤੇ ਮਾਪਿਆਂ ਦਾ ਨਾਮ ਦੁਨੀਆ ਭਰ ਵਿੱਚ ਰੋਸ਼ਨ ਕੀਤਾ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਦੋਸ਼ੀਆਂ ਨੂੰ ਫੜਨ ਲਈ ਪੁਲੀਸ ਨੂੰ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹੋਏ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਸਖ਼ਤ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮਾਂ ਕਿਸੇ ਗੱਭਰੂ ਦੀ ਮੌਤ ’ਤੇ ਸਿਆਸੀ ਰੋਟੀਆਂ ਸੇਕਣ ਦਾ ਨਹੀਂ ਹੈ, ਸਗੋਂ ਸਿਰ ਜੋੜ ਕੇ ਬੈਠਣ ਅਤੇ ਵਿਚਾਰ ਕਰਨ ਦਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਕਿਸ ਤਰ੍ਹਾਂ ਸਹੀ ਦਿਸ਼ਾ ਦਿਖਾਈ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਨ।
ਕਤਲ ਕੇਸ ਦੀ ਜਾਂਚ ਹਰਿਆਣਾ ਸਰਕਾਰ ਕਰਵਾਏਗੀ: ਦਿਗਵਿਜੈ ਚੌਟਾਲਾ
ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਭਰਾ ਦਿਗਵਿਜੈ ਚੌਟਾਲਾ ਅੱਜ ਸਿੱਧੂ ਮੂਸੇਵਾਲਾ ਦੇ ਘਰ ਪੁੱਜੇ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਜੇਕਰ ਪੰਜਾਬ ਸਰਕਾਰ, ਹਰਿਆਣਾ ਸਰਕਾਰ ਨੂੰ ਲਿਖਤੀ ਤੌਰ ’ਤੇ ਇਸ ਦੀ ਜਾਂਚ ਕਰਨ ਦੀ ਮੰਗ ਕਰੇ ਤਾਂ ਹਰਿਆਣਾ ਸਰਕਾਰ ਵੱਖਰੇ ਤੌਰ ’ਤੇ ਜਾਂਚ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸਿੱਧੂ ਮੂਸੇਵਾਲਾ ਦੀ ਯਾਦਗਾਰ ਬਣਾਉਣ ਵਾਸਤੇ ਵਿਚਾਰ ਕਰ ਰਹੀ ਹੈ।