ਪੰਜਾਬ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਸੂਬੇ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਧੀਨ 12 ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰਨ ਵਾਲੇ ਦੁਕਾਨਦਾਰਾਂ ਨੂੰ ਮਾਲਕਾਨਾ ਹੱਕ ਦੇਣ ਲਈ ਰਾਹ ਪੱਧਰਾ ਕਰਦਿਆਂ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ’ਚ ‘ਮੇਰੀ ਦੁਕਾਨ, ਮੇਰੇ ਨਾਮ’ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਯੋਜਨਾ ਤਹਿਤ ਯੋਗ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਮਾਲਕੀ ਹੱਕ ਪ੍ਰਾਪਤ ਕਰ ਸਕਣਗੇ।
ਉਨ੍ਹਾਂ ਕਿਹਾ ਕਿ 1 ਅਪਰੈਲ 2020 ਤੋਂ ਪਹਿਲਾਂ ਦੇ 12 ਸਾਲਾਂ ਦੇ ਕਾਨੂੰਨੀ ਕਬਜ਼ੇ ਨੂੰ ਸਾਬਤ ਕਰਨ ਵਾਲਾ ਕੋਈ ਵੀ ਦੁਕਾਨਦਾਰ 6 ਨਵੰਬਰ ਤੱਰ ਨਗਰ ਕੌਂਸਲ ਜਾਂ ਨਗਰ ਨਿਗਮ ਦਫ਼ਤਰ ਵਿੱਚ ਜੀ ਐੱਸ ਟੀ ਸਰਟੀਫਿਕੇਟ, ਬਿਜਲੀ ਦਾ ਬਿੱਲ, ਵੋਟਰ ਕਾਰਡ ਨਾਲ ਆਪਣੀ ਅਰਜ਼ੀ ਦੇ ਸਕਦਾ ਹੈ। ਅਰਜ਼ੀਆਂ ਦੀ ਪੜਤਾਲ ਐੱਸ ਡੀ ਐੱਮ ਪੱਧਰ ਦੀ ਕਮੇਟੀ ਵੱਲੋਂ ਕੀਤੀ ਜਾਵੇਗੀ, ਜਦਕਿ ਕੀਮਤ ਨਿਰਧਾਰਤ ਕਰਨ ਦਾ ਕੰਮ ਡੀ ਸੀ ਪੱਧਰ ਦੀ ਕਮੇਟੀ ਕਰੇਗੀ ਅਤੇ ਸਬੰਧਤ ਸਥਾਨਕ ਸੰਸਥਾਵਾਂ ਵੱਲੋਂ ਮਤਾ ਪਾਸ ਕੀਤਾ ਜਾਵੇਗਾ। ਯੋਜਨਾ ਤਹਿਤ ਸਬ-ਟੈਨੇਂਟਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਪਾਰਕਾਂ, ਗਲੀਆਂ ਜਾਂ ਜਨਤਕ ਥਾਵਾਂ ’ਤੇ ਕਾਬਜ਼ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ। ਸਕੀਮ ਵਪਾਰੀਆਂ ਲਈ ਦੀਵਾਲੀ ਦਾ ਤੋਹਫ਼ਾ ਹੈ।

