ਮਨਮੋਹਨ ਸਿੰਘ ਢਿੱਲੋਂ/ਸੰਤੋਖ ਗਿੱਲ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਬਾਬਾ ਅਜੈਪਾਲ ਸਿੰਘ ਨਾਭਾ ਲਈ ਰਵਾਨਾ ਹੋਇਆ। ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ ਅਤੇ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਨਿਭਾਈ। ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰਿਆਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਰਸਤੇ ਵਿਚ ਵੱਖ ਵੱਖ ਪੜਾਵਾਂ ਉਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਪੁਲੀਸ ਪ੍ਰਸ਼ਾਸਨ ਵੱਲੋਂ ਗੁਰੂ ਗ੍ਰੰਥ ਸਾਹਿਬ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ ਗਿਆ ਅਤੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਹਜ਼ਾਰੀ ਭਰ ਕੇ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜਗਜੀਤ ਸਿੰਘ ਤਲਵੰਡੀ, ਹਰਪਾਲ ਸਿੰਘ ਜੱਲ੍ਹਾ, ਬਾਬਾ ਗੁਰਜੀਤ ਸਿੰਘ ਕਾਰ ਸੇਵਾ ਵਾਲੇ, ਬਾਬਾ ਸਰਬਜੋਤ ਸਿੰਘ ਡਾਂਗੋ, ਹਲਕਾ ਇੰਚਾਰਜ ਬਲਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਚੰਦ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
ਨਗਰ ਕੀਰਤਨ ਪਠਾਨਕੋਟ ਤੋਂ ਟਾਂਡਾ ਉੜਮੁੜ ਲਈ ਰਵਾਨਾ
ਅੰਮ੍ਰਿਤਸਰ (ਪੱਤਰ ਪ੍ਰੇਰਕ): ਗੁਰਦੁਆਰਾ ਮਟਨ ਸਾਹਿਬ ਸ੍ਰੀਨਗਰ ਤੋਂ ਆਰੰਭ ਹੋਇਆ ਪੁਕਾਰ ਦਿਵਸ ਨਗਰ ਕੀਰਤਨ ਅੱਜ ਤੀਜੇ ਦਿਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਉੜਮੁੜ (ਹੁਸ਼ਿਆਰਪੁਰ) ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੱਚਖੰਡ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾ ਵਾਚਕਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਗਈ। ਅਰਦਾਸ ਉਪਰੰਤ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਨ ਦੀ ਸੇਵਾ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਨਿਭਾਈ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਅਤੇ ਮੈਂਬਰ ਬੀਬੀ ਜਸਬੀਰ ਕੌਰ ਜੱਫ਼ਰਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਰਵਾਨਾ ਕੀਤਾ। ਇਹ ਨਗਰ ਕੀਰਤਨ ਅੱਜ ਗੁਰਦੁਆਰਾ ਬਾਰਠ ਸਾਹਿਬ ਤੋਂ ਆਰੰਭ ਹੋ ਕੇ ਨੌਸ਼ਹਿਰਾ ਪੱਤਣ, ਪੁਰੀਕਾ ਮੋੜ, ਮੁਕੇਰੀਆਂ, ਐਮਾਂ ਮਾਂਗਟ, ਉੱਚੀ ਬੱਸੀ, ਗੁਰਦੁਆਰਾ ਟੱਕਰ ਸਾਹਿਬ ਨਾਨਕ ਦਰਬਾਰ, ਦਸੂਹਾ, ਰੰਧਾਵਾ ਅੱਡਾ, ਗੁਰਦੁਆਰਾ ਗਰਨਾ ਸਾਹਿਬ (ਹੁਸ਼ਿਆਰਪੁਰ), ਖੁੱਡਾ, ਕੁਰਾਲਾ, ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਉੜਮੁੜ (ਹੁਸ਼ਿਆਰਪੁਰ) ਪੁੱਜੇਗਾ, ਜਿਥੋਂ ਭਲਕੇ 18 ਨਵੰਬਰ ਨੂੰ ਸਵੇਰੇ ਇਹ ਨਗਰ ਕੀਰਤਨ ਤਖ਼ਤ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ। ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਬੀਬੀ ਜਸਬੀਰ ਕੌਰ ਜੱਫਰਵਾਲ, ਮੀਤ ਸਕੱਤਰ, ਸੁਖਬੀਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸਤਨਾਮ ਸਿੰਘ ਰਿਆੜ, ਜਗਦੀਸ਼ ਸਿੰਘ ਬੁੱਟਰ ਚੀਫ 85, ਮੈਨੇਜਰ ਸਰਬਜੀਤ ਸਿੰਘ, ਰਣਜੀਤ ਸਿੰਘ ਕਲਿਆਣਪੁਰ, ਸਤਨਾਮ ਸਿੰਘ ਗੋਸਲ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਹਰਭਿੰਦਰ ਸਿੰਘ, ਕੋਆਰਡੀਨੇਟਰ ਭਾਈ ਜਗਤਾਰ ਸਿੰਘ, ਸੁਪਰਵਾਈਜ਼ਰ ਹਰਭਜਨ ਸਿੰਘ, ਭੁਪਿੰਦਰ ਸਿੰਘ ਬੁੱਟਰ, ਮੋਹਨ ਸਿੰਘ, ਗੁਰਸੰਜੋਗਤ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ ਰਮਦਾਸ, ਚਿਤਵੰਤ ਸਿੰਘ ਤੇ ਜਗਦੀਪ ਸਿੰਘ ਮਾਛੀਨੰਗਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

