ਨਗਰ ਕੀਰਤਨ ਧਾਰੀਵਾਲ ਤੋਂ ਕੱਥੂਨੰਗਲ ਲਈ ਰਵਾਨਾ
ਮਨਮੋਹਨ ਸਿੰਘ ਢਿੱਲੋਂ/ਸੁੱਚਾ ਸਿੰਘ ਪਸਨਾਵਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੇਸ਼ ਦੇ ਵੱਖ ਵੱਖ ਸੂਬਿਆਂ/ਸ਼ਹਿਰਾਂ ਵਿੱਚੋਂ ਹੁੰਦਾ ਹੋਇਆ 81ਵੇਂ ਦਿਨ ਐਤਵਾਰ ਦੇਰ ਰਾਤ ਗੁਰੂ ਅਰਜਨ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਪਹੁੰਚਿਆ ਸੀ। ਇਥੇ ਰਾਤ ਵਿਸ਼ਰਾਮ ਕਰਕੇ ਅੱਜ ਸਵੇਰੇ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਕਲੇਰ ਨੇ ਅਰਦਾਸ ਕੀਤੀ। ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿੱਚ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦੇ ਇਤਿਹਾਸ ਬਾਰੇ ਦੱਸਿਆ ਅਤੇ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਰੱਖਣ ਦੀ ਸੇਵਾ ਗਿਆਨੀ ਰਾਜਦੀਪ ਸਿੰਘ ਨੇ ਨਿਭਾਈ। ਰਸਤੇ ਵਿੱਚ ਵੱਖ-ਵੱਖ ਪੜਾਵਾਂ ’ਤੇ ਸਕੂਲੀ ਬੱਚਿਆਂ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਜਸਬੀਰ ਕੌਰ ਜੱਫਰਵਾਲ, ਗੁਰਨਾਮ ਸਿੰਘ ਜੱਸਲ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਆਗੀ ਆਗੂ ਸੁਖਜਿੰਦਰ ਸਿੰਘ ਲੰਗਾਹ, ਪਰਮਵੀਰ ਸਿੰਘ ਲਾਡੀ, ਮੀਤ ਸਕੱਤਰ ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ, ਜਗਦੀਸ਼ ਸਿੰਘ ਬੁੱਟਰ, ਸੁਖਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਇਕਬਾਲ ਸਿੰਘ, ਨਿਸ਼ਾਨ ਸਿੰਘ ਜੱਫਰਵਾਲ, ਗੁਰਤਿੰਦਰਪਾਲ ਸਿੰਘ ਕਾਦੀਆਂ, ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਦੇ ਮੈਨੇਜਰ ਰਣਜੀਤ ਸਿੰਘ, ਮੈਨੇਜਰ ਸਤਨਾਮ ਸਿੰਘ, ਮੈਨੇਜਰ ਸਰਬਜੀਤ ਸਿੰਘ ਆਦਿ ਹਾਜ਼ਰ ਸਨ।
ਨਗਰ ਕੀਰਤਨ ਬਟਾਲਾ ਪੁੱਜਾ
ਬਟਾਲਾ (ਦਲਬੀਰ ਸੱਖੋਵਾਲੀਆ): ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਅਸਾਮ ਤੋਂ ਸਜਾਏ ਨਗਰ ਕੀਰਤਨ ਦਾ ਅੱਜ ਬਟਾਲਾ ਦੀ ਜੂਹ ਵਿੱਚ ਦਸਤਕ ਦੇਣ ’ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਢਾਡੀ ਜਥਿਆਂ ਨੇ ਭਾਈ ਜੈਤਾ ਜੀ (ਭਾਈ ਜੀਵਨ ਸਿੰਘ ਜੀ) ਵੱਲੋਂ ਨੌਵੇ ਗੁਰੂ ਜੀ ਦਾ ਸੀਸ ਦਿੱਲੀ ਦੇ ਚਾਂਦਨੀ ਚੌਕ ’ਚ ਲਿਆਉਣ ਦਾ ਪ੍ਰਸੰਗ ਸੰਗਤ ਨੂੰ ਸੁਣਾਇਆ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੈਨੇਜਰ ਗੁਰਿੰਦਰਪਾਲ ਸਿੰਘ ਮਾਂਟੂ ਨੇ ਦੱਸਿਆ ਕਿ ਇਹ ਨਗਰ ਕੀਰਤਨ ਅਸਾਮ ਤੋਂ 21 ਅਗਸਤ ਨੂੰ ਆਰੰਭ ਹੋਇਆ, ਜੋ 23 ਸੂਬਿਆਂ ਦੇ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ 23 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਨਗਰ ਕੀਰਤਨ ਅੱਜ 82ਵੇਂ ਦਿਨ ਬਟਾਲਾ ਪਹੁੰਚਿਆ।
