ਗੁਰਦੁਆਰਾ ਚਰਨਕੰਵਲ ਸਾਹਿਬ ਤੋਂ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ ਤੋਂ ਅਗਲੇ ਪੜਾਅ ਗੁਰਦੁਆਰਾ...
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਲਈ ਰਵਾਨਾ ਹੋਇਆ। ਕੱਲ੍ਹ ਗੁਰਦੁਆਰਾ ਚਰਨਕੰਵਲ ਸਾਹਿਬ ਪੁੱਜਣ ’ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ 21 ਅਗਸਤ ਨੂੰ ਆਰੰਭ ਹੋਇਆ ਇਹ ਸ਼ਹੀਦੀ ਨਗਰ ਕੀਰਤਨ ਦੇਸ਼ ਦੇ 24 ਸੂਬਿਆਂ ਤੋਂ ਹੁੰਦਾ ਹੋਇਆ ਤਿੰਨ ਮਹੀਨਿਆਂ ਮਗਰੋਂ ਭਲਕੇ 23 ਨਵੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿੱਚ ਸਮਾਪਤ ਹੋਵੇਗਾ।
ਇਸ ਮੌਕੇ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ ਵਿੱਚ ਧਾਰਮਿਕ ਦੀਵਾਨ ਦੌਰਾਨ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ।
ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਗਿਆਨੀ ਗੁਰਮਿੰਦਰ ਸਿੰਘ ਨੇ ਨਿਭਾਈ। ਰਵਾਨਗੀ ਮੌਕੇ ਗੁਰਦੁਆਰੇ ਦੇ ਪ੍ਰਬੰਧਕਾਂ ਨੇ ਪੰਜ ਪਿਆਰਿਆਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਰਾਹ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਵਤਾਰ ਸਿੰਘ, ਹਰਪਾਲ ਸਿੰਘ ਜੱਲ੍ਹਾ, ਰਣਜੀਤ ਸਿੰਘ ਮੰਗਲੀ, ਬੀਬੀ ਹਰਜਿੰਦਰ ਕੌਰ ਪੁਵਾਤ, ਹਲਕਾ ਇੰਚਾਰਜ ਸਰਬਜੀਤ ਸਿੰਘ ਢਿੱਲੋਂ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਗੁਰਦੁਆਰਾ ਭੱਠਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ, ਸੁਪਰਵਾਈਜ਼ਰ ਲਾਲ ਸਿੰਘ, ਸੁਖਰਾਜ ਸਿੰਘ ਤੇ ਗੁਰਮੀਤ ਸਿੰਘ, ਗੁਰਦੁਆਰਾ ਇੰਸਪੈਕਟਰ ਰਣਜੀਤ ਸਿੰਘ, ਸ਼ਰਨਜੀਤ ਸਿੰਘ ਤੇ ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
ਫ਼ਰੀਦਕੋਟ ਤੋਂ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਪਹੁੰਚਿਆ
ਸ੍ਰੀ ਆਨੰਦਪੁਰ ਸਾਹਿਬ (ਬੀ ਐੱਸ ਚਾਨਾ): ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਫ਼ਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲਾ ਮੁਬਾਰਕ ਫ਼ਰੀਦਕੋਟ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਸ੍ਰੀ ਆਨੰਦਪੁਰ ਸਾਹਿਬ ਵਿੱਚ ਪਹੁੰਚਿਆ। ਸ੍ਰੀ ਆਨੰਦਪੁਰ ਸਾਹਿਬ ਵਿੱਚ ਦਾਖ਼ਲ ਹੁੰਦਿਆਂ ਨਗਰ ਕੀਰਤਨ ਨੂੰ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮਗਰੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੰਗਤ ਵੱਲੋਂ ਪਾਲਕੀ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਅਤੇ ਬਾਬਾ ਲੱਖਾ ਸਿੰਘ ਨਾਨਕਸਰ ਦਾ ਸਨਮਾਨ ਕੀਤਾ ਗਿਆ। ਨਗਰ ਕੀਰਤਨ ਲਈ ਸੰਗਤ ’ਚ ਭਾਰੀ ਉਤਸ਼ਾਹ ਸੀ। ਇਸ ਦੌਰਾਨ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਵਿਸ਼ਾਲ ਨਗਰ ਕੀਰਤਨ ਫਿਰੋਜ਼ਪੁਰ, ਮੋਗਾ, ਜਗਰਾਉਂ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਅਤੇ ਚਮਕੌਰ ਸਾਹਿਬ ਰਾਹੀਂ ਸ੍ਰੀ ਆਨੰਦਪੁਰ ਸਾਹਿਬ ਪਹੁੰਚਿਆ। ਹਰੇਕ ਜ਼ਿਲ੍ਹੇ ਵਿੱਚ ਨਗਰ ਕੀਰਤਨ ਦਾ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ ਅਤੇ ਸੰਗਤ ਨੇ ਗੁਰੂ ਸਾਹਿਬ ਦੇ ਬਲਿਦਾਨ ਅਤੇ ਸਿੱਖ ਵਿਰਾਸਤ ਨੂੰ ਯਾਦ ਕਰਦਿਆਂ ਪੂਰੇ ਸਮਾਗਮ ਵਿੱਚ ਵੱਧ ਚੜ੍ਹ ਕੇ ਭਾਗ ਲਿਆ।

