ਮਨਮੋਹਨ ਸਿੰਘ ਢਿੱਲੋਂ
ਗੁਰਦੁਆਰਾ ਮਟਨ ਸਾਹਿਬ ਤੋਂ ਕੱਲ੍ਹ ਆਰੰਭ ਹੋਇਆ ਨਗਰ ਕੀਰਤਨ ਅੱਜ ਦੂਜੇ ਦਿਨ ਡਿਗੀਆਨਾ ਆਸ਼ਰਮ ਜੰਮੂ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਖੁਸ਼ਿਵੰਦਰ ਸਿੰਘ ਭਾਟੀਆ, ਸੁਖਵਰਸ ਸਿੰਘ ਪੰਨੂ ਅਤੇ ਮਹੰਤ ਮਨਜੀਤ ਸਿੰਘ ਨੇ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦੇ ਕੇ ਹਿੰਦੁਸਤਾਨ ਦੇ ਲੋਕਾਂ ਨੂੰ ਧਾਰਮਿਕ ਅਜ਼ਾਦੀ ਨਾਲ ਜਿਊਣ ਦਾ ਹੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਮੌਕੇ ਗੁਰੂ ਸਾਹਿਬ ਦੇ ਉਪਕਾਰਾਂ ਨੂੰ ਯਾਦ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਇਸ ਇਤਿਹਾਸਕ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਜੰਮੂ ਕਸ਼ਮੀਰ ਦੇ ਉਪ ਰਾਜਪਾਲ, ਸਰਕਾਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਧੰਨਵਾਦ ਵੀ ਕੀਤਾ। ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਕਿ ਦੁਨੀਆਂ ਦੇ ਇਤਿਹਾਸ ਅੰਦਰ ਅਜਿਹੀ ਮਿਸਾਲ ਨਹੀਂ ਮਿਲਦੀ ਕਿ ਕਿਸੇ ਦੇ ਧਰਮ ਦੀ ਰਾਖੀ ਲਈ ਸ਼ਹਾਦਤ ਦਿੱਤੀ ਹੋਵੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਕੀਤੇ ਜਾ ਰਹੇ ਸਮਾਗਮ ਗੁਰੂ ਸਾਹਿਬ ਦੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਉਹ ਆਪਣਾ ਸੁਭਾਗ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਮਹਾਨ ਨਗਰ ਕੀਰਤਨ ਮੌਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਦਾ ਮੌਕਾ ਮਿਲਿਆ ਹੈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਦੀਵਾਨ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਕੀਰਤਨ ਕੀਤਾ ਅਤੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਮਹੰਤ ਮਨਜੀਤ ਸਿੰਘ ਨੇ ਕੀਤੀ। ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਨ ਦੀ ਸੇਵਾ ਜਥੇਦਾਰ ਗਿਆਨੀ ਟੇਕ ਸਿੰਘ ਨੇ ਨਿਭਾਈ। ਜੰਮੂ ਤੋਂ ਪਠਾਨਕੋਟ ਜਾਂਦਿਆਂ ਰਾਹ ਵਿੱਚ ਵੱਖ-ਵੱਖ ਪੜਾਵਾਂ ’ਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।

