ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਰਵਾਨਾ
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਅੱਜ ਸਜਾਇਆ ਗਿਆ ਨਗਰ ਕੀਰਤਨ ਸ਼੍ਰੋਮਣੀ ਅਕਾਲੀ ਬੁੱਢਾ ਦਲ (ਨਿਹੰਗ ਸਿੰਘਾਂ) ਦੀ ਮੁੱਖ ਛਾਉਣੀ ਗੁਰਦੁਆਰਾ ਬੇਰ ਸਾਹਿਬ ਦੇਗਸਰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਰੰਭਿਕ ਅਰਦਾਸ ਕਰਨ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਆਰੰਭਿਕ ਅਰਦਾਸ ਬੁੱਢਾ ਦਲ ਦੇ ਬਾਬਾ ਸੁਖਵਿੰਦਰ ਸਿੰਘ ਮੋਰ ਨੇ ਕੀਤੀ। ਬੁੱਢਾ ਦਲ ਦੇ ਬਾਬਾ ਮੇਜਰ ਸਿੰਘ ਅਤੇ ਬਾਬਾ ਜੱਸਾ ਸਿੰਘ ਨੇ ਪੰਜ ਪਿਆਰਿਆਂ, ਪੰਜ ਨਿਸ਼ਾਨੀਆਂ ਅਤੇ ਪੰਜਾਬ ਸਰਕਾਰ ਦੇ ਪੁੱਜੇ ਕੈਬਨਿਟ ਮੰਤਰੀਆਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪੰਜਾਬ ਪੁਲੀਸ ਦੀ ਬੈਂਡ ਪਾਰਟੀ ਨੇ ਸਲਾਮੀ ਦਿੱਤੀ।
ਇਸ ਮੌਕੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ (ਪੰਜਾਬ ਪ੍ਰਧਾਨ) ਅਤੇ ਪ੍ਰੋਫੈਸਰ ਬਲਜਿੰਦਰ ਕੌਰ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਮੁੱਖ ਸ਼ਹੀਦੀ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਸੰਗਤਾਂ ਨੂੰ ਅਪੀਲ ਕੀਤੀ। ਨਗਰ ਕੀਰਤਨ ਵੱਖ-ਵੱਖ ਪੜਾਵਾਂ ਰਾਹੀਂ ਗੁਜ਼ਰਦਾ ਹੋਇਆ 22 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਜਾ ਕੇ ਸਮਾਪਤ ਹੋਵੇਗਾ।
